ਰਮੇਸ਼ ਭਾਰਦਵਾਜ
ਲਹਿਰਾਗਾਗਾ, 22 ਮਈ
ਇੱਥੇ ਅੱਜ ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਦੇ ਮੁਲਾਜ਼ਮਾਂ ਦੇ ਹੱਕ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵੱਲੋਂ ਸ਼ਹਿਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ‘ਆਪ’ ਉਮੀਦਵਾਰ ਮੀਤ ਹੇਅਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਾਰਚ ਵਿੱਚ ਕਾਲਜ ਦੇ ਮੁਲਾਜ਼ਮ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਕਾਲਜ ਨੂੰ ਬੰਦ ਕਰਨ ਅਤੇ ਇਸ ਵਿੱਚ ਸਿੱਖਿਆ ਪੜ੍ਹਾ ਰਹੇ 100 ਤੋਂ ਵੱਧ ਅਧਿਆਪਕਾਂ ਨੂੰ ਕੱਢਣ ਅਤੇ ਉਨ੍ਹਾਂ ਦੀਆਂ ਤਨਖਾਹਾਂ ਰੋਕੇ ਜਾਣ ਵਿਰੁੱਧ ਲੰਮੇ ਸਮੇਂ ਤੋਂ ਕਾਲਜ ਦੇ ਗੇਟ ਅੱਗੇ ਧਰਨਾ ਜਾਰੀ ਹੈ। ਅੱਜ ਧਰਨੇ ’ਤੇ ਬੈਠੇ ਮੁਲਾਜ਼ਮਾਂ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੇ ਆਪਣੇ ਸਾਧਨਾਂ ਰਾਹੀਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮੀਤ ਹੇਅਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ ਨੇ ਕਿਹਾ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਆਵੇਗਾ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮੌਕੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਇਥੋਂ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਇਸ ਕਾਲਜ ਨੂੰ ਹਰ ਹੀਲੇ ਬੰਦ ਨਹੀਂ ਹੋਣ ਦੇਣਗੇ, ਮੁਲਾਜ਼ਮਾਂ ਦੀਆਂ ਰੋਕੀਆਂ ਸਾਰੀਆਂ ਤਨਖਾਹਾਂ ਅਤੇ ਭੱਤੇ ਉਨ੍ਹਾਂ ਨੂੰ ਜਲਦ ਦਿੱਤੇ ਜਾਣ ਪਰ ਦੋ ਸਾਲ ਬੀਤਣ ਦੇ ਬਾਅਦ ਵੀ ਸਰਕਾਰ ਦੀ ਵਾਅਦਾ ਖਿਲਾਫੀ ਸਾਫ ਝਲਕ ਰਹੀ ਹੈ। ਜਥੇਬੰਦੀ ਦੇ ਆਗੂਆਂ ਅਤੇ ਮੁਲਾਜ਼ਮਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਛੇਤੀ ਪੂਰੀਆਂ ਕੀਤੀਆ ਜਾਣ।