ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਅਗਸਤ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਮ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਾਉਣ ਲਈ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਉਨ੍ਹਾਂ ਲਾਲ ਬੱਤੀ ਚੌਕ ਵਿਚ ਆਵਾਜਾਈ ਠੱਪ ਕਰ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। 9 ਜੁਲਾਈ ਤੋਂ ਕਲਮ ਛੋੜ ਹੜਤਾਲ ’ਤੇ ਚੱਲ ਰਹੇ ਮਗਨਰੇਗਾ ਕਰਮਚਾਰੀਆਂ ਵਲੋਂ ਨੌਂ ਅਗਸਤ ਨੂੰ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਧੀਮਾਨ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਕਾਕੜਾ ਨੇ ਕਿਹਾ ਕਿ 30 ਜੁਲਾਈ ਨੂੰ ਸਾਂਝਾ ਮੁਲਾਜ਼ਮ ਫਰੰਟ ਨਾਲ ਹੋਈ ਮੀਟਿੰਗ ਵਿੱਚ ਠੇਕਾ ਮੁਲਾਜ਼ਮਾਂ ਬਾਰੇ ਗੱਲਬਾਤ ਨਾ ਕਰਨ ਕਰ ਕੇ ਠੇਕਾ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਦੌੜ ਗਈ ਹੈ। ਸਰਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਹਿਣ ’ਤੇ 66,173 ਮੁਲਾਜ਼ਮ ਪੱਕੇ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ ਜਦੋਂਕਿ ਠੇਕਾ ਮੁਲਾਜ਼ਮ ਸੜਕਾਂ ’ਤੇ ਉਤਰ ਕੇ ਸਰਕਾਰ ਨੂੰ ਵਾਅਦਾ ਯਾਦ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ 9 ਜੁਲਾਈ ਤੋਂ ਮਗਨਰੇਗਾ ਮੁਲਾਜ਼ਮ ਕਲਮ ਛੋੜ ਹੜਤਾਲ ’ਤੇ ਹਨ ਅਤੇ ਪੇਂਡੂ ਵਿਕਾਸ ਦਾ ਸਮੁੱਚਾ ਕੰਮਕਾਜ ਠੱਪ ਪਿਆ ਹੈ ਪਰ ਸਰਕਾਰ ਨੂੰ ਨਾ ਮੁਲਾਜ਼ਮਾਂ ਦੀ ਪ੍ਰਵਾਹ ਹੈ ਅਤੇ ਨਾ ਹੀ ਠੱਪ ਹੋਏ ਵਿਕਾਸ ਦੀ। ਉਨ੍ਹਾਂ ਕਿਹਾ ਕਿ ਪੰਚਾਇਤਾਂ ਵੱਲੋਂ ਵੱਡੀ ਪੱਧਰ ਤੇ ਮੁਲਾਜ਼ਮਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ। ਉਨ੍ਹਾਂ 9 ਅਗਸਤ ਨੂੰ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ।