ਪੱਤਰ ਪ੍ਰੇਰਕ
ਪਾਤੜਾਂ, 3 ਨਵੰਬਰ
1984 ਦੇ ਸਿੱਖ ਵਿਰੋਧੀ ਦੰਗਿਆਂ ਮਗਰੋਂ ਫੈਲੀ ਹਿੰਸਾ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਦੀ ਮੰਗ ਸਬੰਧੀ ਲੋਕ ਪੱਖੀ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਡੈਮੋਕਰੈਟਿਕ ਟੀਚਰ ਫਰੰਟ ਅਤੇ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਤੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹੀਦ ਭਗਤ ਸਿੰਘ ਚੌਕ ਤੱਕ ਮਾਰਚ ਕੱਢਿਆ ਗਿਆ। ਉਪਰੰਤ ਮਨੁੱਖੀ ਚੇਨ ਬਣਾ ਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।
ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਆਗੂ ਅਤਿੰਦਰ ਸਿੰਘ ਘੱਗਾ, ਗੁਰਵਿੰਦਰ ਸਿੰਘ ਦੇਧਨਾਂ ਅਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਛਬੀਲਪੁਰ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਿੱਚ ਹਿੰਦੂਤਵੀ ਸ਼ਕਤੀਆਂ ਦੇਸ਼ ਵਿੱਚ ਫਿਰਕੂ ਲਹਿਰ ਚਲਾ ਰਹੀਆਂ ਹਨ। ਕੇਂਦਰ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਬੁੱਧੀਜੀਵੀਆਂ, ਲੇਖਕਾਂ ਅਤੇ ਪੱਤਰਕਾਰਾਂ ਨੂੰ ਰਿਹਾਅ ਕਰਨ ਦੀ ਥਾਂ ਉਨ੍ਹਾਂ ਉੱਤੇ ਹੋਰ ਮੁਕੱਦਮੇ ਦਰਜ ਕਰਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀਆਂ ਹਨ। ਆਗੂਆਂ ਨੇ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਾਹੌਲ ਨੂੰ ਖ਼ਰਾਬ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਧੂਰੀ (ਹਰਦੀਪ ਸਿੰਘ ਸੋਢੀ/ਪਵਨ ਵਰਮਾ): ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਯੂਨੀਵਰਸਿਟੀ ਕਾਲਜ ਬੇਨੜਾ (ਧੂਰੀ) ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾਈ ਆਗੂ ਸੁਖਦੀਪ ਹਥਨ ਨੇ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ ਅਤੇ ਜੇਲ੍ਹਾਂ ਵਿੱਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਅਤੇ ਹਵਾਲਾਤੀਆਂ ਨੂੰ ਜਲਦੀ ਰਿਹਾਅ ਕੀਤਾ ਜਾਵੇ। ਇਸ ਮੌਕੇ ਵਿਦਿਆਰਥੀ ਆਗੂ ਤਰਨਪ੍ਰੀਤ ਸਿੰਘ ਤੇ ਹਰਮਨ ਸਿੰਘ ਸਣੇ ਕਾਲਜ ਦੇ ਹੋਰ ਵਿਦਿਆਰਥੀ ਵੀ ਹਾਜ਼ਰ ਸਨ।
ਸਿੱਖ ਕਾਰਕੁਨਾਂ ਅਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਰੋਸ ਮਾਰਚ
ਸਮਾਣਾ (ਪੱਤਰ ਪ੍ਰੇਰਕ): ਸਜ਼ਾ ਪੂਰੀ ਕਰ ਚੁੱਕੇ ਸਿੱਖ ਕਾਰਕੁਨਾਂ, ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਤੇ ਸਿਆਸੀ ਕੈਦੀਆਂ-ਹਵਾਲਾਤੀਆਂ ਨੂੰ ਰਿਹਾਅ ਕਰਵਾਉਣ ਅਤੇ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਮਾਣਾ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਸਵੀਰ ਸਿੰਘ ਫਤਿਹਪੁਰ, ਕੁਲਬੀਰ ਸਿੰਘ, ਹਰਦੀਪ ਟੋਡਰਪੁਰ ਅਤੇ ਸ਼ੈਂਟੀ ਸਿੰਘ ਨੇ ਆਖਿਆ ਕਿ ਇਕ ਪਾਸੇ 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਸਾਰੇ ਦੋਸ਼ੀਆਂ ਨੂੰ ਅੱਜ ਤੱਕ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ, ਦੂਜੇ ਪਾਸੇ ਵੱਖ-ਵੱਖ ਕੇਸਾਂ ਵਿੱਚ ਸਜ਼ਾ ਪੂਰੀ ਕਰਨ ਦੇ ਬਾਵਜੂਦ ਕਈ ਸਿੱਖ ਕਾਰਕੁਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।