ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਫਰਵਰੀ
ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ 138ਵੇਂ ਦਿਨ ਵੀ ਧਰਨੇ ਜਾਰੀ ਰਹੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਸੁਖਦੇਵ ਸਿੰਘ ਘਰਾਚੋਂ ਅਤੇ ਨਵਜੋਤ ਕੌਰ ਚੰਨੋਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਬਰਨਾਲਾ ਵਿੱਚ ਕਿਸਾਨ ਮਜ਼ਦੂਰ ਮਹਾਪੰਚਾਇਤ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ਵਿੱਚ ਵੀ ਧਰਨਾ ਜਾਰੀ ਰੱਖਿਆ ਗਿਆ ਹੈ।