ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਦਸੰਬਰ
ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕੱਚੇ ਅਧਿਆਪਕਾਂ ਵੱਲੋਂ ਤਨਖਾਹਾਂ ਵਿੱਚ ਵਾਧਾ ਤੇ ਪੱਕੇ ਕਰਨ ਦੀ ਮੰਗ ਲਈ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਡੀ.ਸੀ. ਦਫ਼ਤਰ ਅੱਗੇ ਕਰੀਬ ਡੇਢ ਘੰਟਾ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ ਗਿਆ। ਧਰਨਾਕਾਰੀ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਕੀਤੇ ਵਾਧੇ ਦੀ ਤਰਜ਼ ’ਤੇ ਤਨਖਾਹਾਂ ਵਿੱਚ ਵਾਧਾ ਕਰਨ ਦੀ ਮੰਗ ਕਰ ਰਹੇ ਸਨ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੱਚੇ ਅਧਿਆਪਕ ਸਥਾਨਕ ਨੈਣਾ ਦੇਵੀ ਮੰਦਿਰ ਪਾਰਕ ਵਿੱਚ ਇਕੱਠੇ ਹੋਏ ਜਿੱਥੋਂ ਅਰਥੀ ਮੋਢਿਆਂ ’ਤੇ ਚੁੱਕ ਕੇ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਕੱਚੇ ਅਧਿਆਪਕਾਂ ਵੱਲੋਂ ਇਥੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਮੁਜ਼ਾਹਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਨਵੀਨਰ ਤੇਜਿੰਦਰ ਕੌਰ, ਹਰਮਲ ਸਿੰਘ, ਜਸਵੀਰ ਸਿੰਘ, ਪਰਮਜੀਤ ਕੌਰ ਤੇ ਮੰਜੂ ਸ਼ਰਮਾ ਆਦਿ ਨੇ ਦੱਸਿਆ ਕਿ ਏ.ਆਈ.ਈ ਕੱਚੇ ਅਧਿਆਪਕ ਪਿਛਲੇ ਕਰੀਬ 15 ਸਾਲਾਂ ਤੋਂ ਪ੍ਰਾਇਮਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਸਿਰਫ਼ 6000 ਰੁਪਏ ਪ੍ਰਤੀ ਮਹੀਨਾ ਤਨਖਾਹ ’ਤੇ ਨਿਭਾਅ ਰਹੇ ਹਨ ਜਿਨ੍ਹਾਂ ਦੀ ਗਿਣਤੀ 157 ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਦਸ ਸਾਲਾਂ ਪਾਲਿਸੀ ਤਹਿਤ ਬਾਕੀ ਸਾਰੇ ਕੱਚੇ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰ ਦਿੱਤਾ ਹੈ ਪਰ 157 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਪਾਲਿਸੀ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਨਾਲ ਪੰਜ ਮੀਟਿੰਗਾਂ ਹੋ ਚੁੱਕੀਆਂ ਹਨ ਜਿਨ੍ਹਾਂ ਵਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਮੁੱਖ ਮੰਤਰੀ ਨਾਲ ਗੱਲ ਕਰ ਕੇ ਮਸਲਾ ਹੱਕ ਕਰ ਦਿੱਤਾ ਜਾਵੇਗਾ ਪਰ ਪੰਜ ਮਹੀਨੇ ਬੀਤਣ ਦੇ ਬਾਵਜੂਦ ਤਨਖਾਹਾਂ ਵਿਚ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਚਾਰ ਵਾਰ ਮੀਟਿੰਗ ਨਿਸ਼ਚਿਤ ਹੋਈ ਸੀ ਪਰ ਹਰ ਵਾਰ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੰਨ 2005 ਅਤੇ 2008 ਤੋਂ ਏ.ਆਈ.ਈ. ਕੱਚੇ ਅਧਿਆਪਕ ਸਿਰਫ਼ ਛੇ ਹਜ਼ਾਰ ਤਨਖਾਹ ’ਤੇ ਸੇਵਾ ਕਰ ਰਹੇ ਹਨ। ਅੱਜ ਦੇ ਮਹਿੰਗਾਈ ਦੇ ਦੌਰ ’ਚ ਨਿਗੂਣੀ ਤਨਖਾਹ ’ਤੇ ਗੁਜ਼ਾਰਾ ਨਹੀਂ ਹੋ ਸਕਦਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਤਿੱਖਾ ਐਕਸ਼ਨ ਕੀਤਾ ਜਾਵੇਗਾ।
ਧਰਨੇ ਨੂੰ ਭਰਾਤਰੀ ਜਥੇਬੰਦੀਆਂ ਡੀਟੀਐਫ਼ ਦੇ ਸੂਬਾ ਆਗੂ ਬਲਵੀਰ ਲੌਂਗੋਵਾਲ ਤੋਂ ਇਂਲਾਵਾ ਸਿੱਖਿਆ ਪ੍ਰੋਵਾਈਡਰ ਯੂਨੀਅਨ, ਭਾਕਿਯੂ ਏਕਤਾ ਉਗਰਾਹਾਂ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਰੋਸ ਧਰਨੇ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਿਊਟੀ ਮੈਜਿਸਟ੍ਰੇਟ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਲਿਆ ਜਿਸ ਮਗਰੋਂ ਧਰਨਾ ਸਮਾਪਤ ਹੋਇਆ।