ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 2 ਜਨਵਰੀ
ਗਰਾਮ ਪੰਚਾਇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕਮੇਟੀ ਤੇ ਪੰਪ ਅਪਰੇਟਰਜ਼ ਐਸ਼ੋਸ਼ੀਏਸ਼ਨ ਪੰਜਾਬ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੀ ਇਥੇ ਰਿਹਾਇਸ਼ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਦੇ ਹੱਲ ਲਈ ਐਸੋਸ਼ੀਏਸ਼ਨ ਦੇ ਇੱਕ ਵਫ਼ਦ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਮੀਤ ਪ੍ਰਧਾਨ ਬੇਅੰਤ ਸਿੰਘ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਿੰਡਾਂ ਵਿਚ ਲਾਏ ਵਾਟਰ ਵਰਕਸ,ਜਿਨ੍ਹਾਂ ਦਾ ਪ੍ਰਬੰਧ ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਸੰਭਾਲਿਆ ਹੋਇਆ ਹੈ ’ਤੇ ਪਿਛਲੇ 14-15 ਸਾਲਾਂ ਤੋਂ ਤਾਇਨਾਤ ਪੰਪ ਅਪਰੇਟਰਾਂ ਦਾ ਸ਼ੋਸ਼ਣ ਹੋ ਰਿਹਾ ਹੈ। ਪੰਚਾਇਤਾਂ ਵੱਲੋਂ ਪੰਪ ਅਪਰੇਟਰਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ, ਜਿਸ ਨਾਲ ਉਨ੍ਹਾਂ ਦਾ ਗੁਜ਼ਾਰਾ ਬਹੁਤ ਮੁਸ਼ਿਕਲ ਨਾਲ ਹੋ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਡੀਸੀ ਰੇਟ ’ਤੇ ਤਨਖ਼ਾਹ ਤੈਅ ਕੀਤੀ ਜਾਵੇ, ਤਨਖ਼ਾਹ ਵਰਕਰਾਂ ਦੇ ਸਿੱਧੇ ਖਾਤਿਆਂ ਵਿਚ ਪਾਈ ਜਾਵੇ, ਪੰਚਾਇਤਾਂ ਵੱਲੋਂ ਵਰਕਰਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ ਤੇ ਵਰਕਰਾਂ ਨੂੰ ਸਿਹਤ ਬੀਮੇ ਦੇ ਘੇਰੇ ਵਿਚ ਲਿਆਂਦਾ ਜਾਵੇ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਐਸੋਸੀਏਸ਼ਨ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਐਸੋਸੀਏਸ਼ਨ ਦਾ ਧਰਨਾ ਜਾਰੀ ਰਹੇਗਾ। ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਮੰਗਾਂ ਸਬੰਧੀ ਵਿਭਾਗ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਮੰਗ ਪੱਤਰ ਸੌਂਪਿਆ।