ਨਿਜੀ ਪੱਤਰ ਪ੍ਰੇਰਕ
ਸੰਗਰੂਰ, 28 ਸਤੰਬਰ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸਰਕਾਰੀ ਰਣਬੀਰ ਕਾਲਜ ਵਿੱਚ ਸੰਗਰੂਰ ਪ੍ਰਸ਼ਾਸ਼ਨ ਦਾ ਪੁਤਲਾ ਫ਼ੂਕਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀ ਜਥੇਬੰਦੀ ਦੇ ਸੂਬਾ ਆਗੂ ਸੁਖਦੀਪ ਸਿੰਘ ਹਥਨ ਸਮੇਤ ਨੌਜ਼ਵਾਨਾਂ ਖ਼ਿਲਾਫ਼ ਸਾਲ 2020 ਵਿਚ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕਰ ਰਹੇ ਸਨ।
ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਕੌਰ ਜੱਸੂ ਅਤੇ ਕਾਲਜ ਪ੍ਰਧਾਨ ਸੁਖਵਿੰਦਰ ਕੌਰ ਮਾਨ ਨੇ ਕਿਹਾ ਕਿ ਜਦੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਸੰਘਰਸ਼ ਜ਼ੋਰਾਂ ’ਤੇ ਸੀ ਤਾਂ ਉਸ ਵੇਲੇ 5 ਅਕਤੂਬਰ 2020 ਨੂੰ ਸੰਗਰੂਰ ਦੇ ਬਨਾਸਰ ਬਾਗ ਤੋਂ ਰੇਲਵੇ ਸਟੇਸ਼ਨ ਤੱਕ ਬਹੁਤ ਸਾਰੇ ਨੌਜਵਾਨ ਮਾਰਚ ਕਰ ਰਹੇ ਸਨ ਤਾਂ ਇਸ ਸਮੇਂ ਦੌਰਾਨ ਭਾਜਪਾ ਦੇ ਵਰਕਰਾਂ ਨਾਲ ਵੱਡੇ ਚੌਕ ਵਿੱਚ ਤਕਰਾਰ ਹੋ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਉਸ ਮੌਕੇ ਸਿਆਸੀ ਦਬਾਅ ਹੇਠ ਪੁਲੀਸ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਸਮੇਤ ਨੌਜਵਾਨਾਂ ਤੇ ਝੂਠਾ ਮੁਕੱਦਮਾ ਦਰਜ ਕਰਵਾ ਦਿੱਤਾ ਸੀ। ਹੁਣ ਜਦੋਂ ਕਿਸਾਨੀ ਘੋਲ ਦੀ ਜਿੱਤ ਹੋ ਚੁੱਕੀ ਹੈ ਤੇ ਕਿਸਾਨਾਂ ਖ਼ਿਲਾਫ਼ ਘੋਲ ਦੌਰਾਨ ਹੋਏ ਕੇਸ ਰੱਦ ਕੀਤੇ ਜਾ ਚੁੱਕੇ ਹਨ ਤਾਂ ਮੁੱਖ ਮੰਤਰੀ ਦੇ ਆਦੇਸ਼ਾਂ ਦੇ ਬਾਵਜੂਦ ਇਸ ਮੁਕੱਦਮੇ ਨੂੰ ਸੰਗਰੂਰ ਪੁਲੀਸ ਰੱਦ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਅੱਜ ਸੰਗਰੂਰ ਸਮੇਤ ਪੂਰੇ ਮੁਲਕ ਵਿੱਚ ਇੱਕ ਪਾਸੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ’ਤੇ ਸਿਆਸਤ ਕੀਤੀ ਜਾ ਰਹੀ ਹੈ ਤੇ ਸ਼ਹੀਦ ਦੇ ਸੁਪਨਿਆਂ ਦਾ ਰਾਜ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ।