ਮਹਿੰਦਰ ਕੌਰ ਮੰਨੂ
ਸੰਗਰੂਰ, 31 ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋੋਂ ਪਿਛਲੇ ਦਿਨੀਂ ਸਰਕਾਰੀ ਰਣਬੀਰ ਕਾਲਜ ਅੱਗੇ ਸਪੀਡ ਬ੍ਰੇਕਰ ਬਣਾਉਣ ਦੀ ਮੰਗ ਨੂੰ ਲੈ ਕੇ ਮੁਹਿੰਮ ਵਿੱਢੀ ਗਈ ਸੀ, ਜਿਸ ਦੇ ਮੱਦੇਨਜ਼ਰ ਕਾਲਜ ਪ੍ਰਿੰਸੀਪਲ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ| ਮੰਗ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਸੰਗਰੂਰ ਅਤੇ ਪੀ.ਡਬਲਯੂ.ਡੀ. ਨੂੰ ਕਾਲਜ ਪ੍ਰਸ਼ਾਸਨ ਵੱਲੋਂ ਇਕ ਪੱਤਰ ਜਾਰੀ ਕਰਨ ਦੀ ਗੱਲ ਵੀ ਕਹੀ ਗਈ ਸੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਹਥਨ, ਸੁਖਵਿੰਦਰ ਕੌਰ, ਰਾਮਵੀਰ ਮੰਗਾਂ ਅਤੇ ਹਰਮਨ ਕੌਰ ਨੇ ਦੱਸਿਆ ਕਿ ਅੱਜ ਜਦੋਂ ਕਾਲਜ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਭੇਜੇ ਪੱਤਰ ਦੀ ਸਿਵਲ ਪ੍ਰਸ਼ਾਸਨ ਦੇ ਕੰਨ ਉਪਰ ਜੂੰ ਨਹੀਂ ਸਰਕੀ ਅਤੇ ਇਹ ਮਸਲਾ ਵਿਦਿਆਰਥੀ ਯੂਨੀਅਨ ਨੂੰ ਆਪਣੇ ਤੌਰ ’ਤੇ ਹੀ ਹੱਲ ਕਰਵਾਉਣਾ ਪੈਣਾ ਹੈ| ਆਗੂਆਂ ਨੇ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੂੰ ਕਾਲਜ ਰੋਡ ਅੱਗੇ ਜਾਮ ਲਗਾਉਣ ਲਈ ਮਜਬੂਰ ਹੋਣਾ ਪਿਆ| ਉਪਰੰਤ ਉਥੇ ਪੁਲੀਸ ਨੇ ਪਹੁੰਚ ਕੇ ਜਾਮ ਖੁੱਲ੍ਹਵਾਉਂਦਿਆਂ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਇਕ ਹਫਤੇ ਦੇ ਅੰਦਰ ਅੰਦਰ ਸਪੀਡ ਬ੍ਰੇਕਰ ਬਣਵਾ ਕੇ ਟਰੈਫ਼ਿਕ ਕੰਟਰੋਲ ਕੀਤਾ ਜਾਵੇਗਾ ਅਤੇ ਓਨਾ ਸਮਾਂ ਸੜਕ ਉਪਰ ਬੈਰੀਕੇਡ ਲਗਾ ਕੇ ਇਥੇ ਟਰੈਫ਼ਿਕ ਦੀ ਰਫ਼ਤਾਰ ਘਟਾਈ ਜਾਵੇਗੀ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ| ਬੁਲਾਰਿਆਂ ਨੇ ਕਿਹਾ ਕਿ ਜੇ ਮਸਲਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ| ਇਸ ਮੌਕੇ ਯੂਨੀਅਨ ਵੱਲੋਂ ਕਾਲਜ ਦੇ ਕਮਰਿਆਂ ਵਿਚ ਪਈਆਂ ਈਵੀਐਮ ਚੁਕਵਾਉਣ ਦੀ ਵੀ ਅਪੀਲ ਕੀਤੀ ਗਈ| ਇਸ ਦੌਰਾਨ ਸਪੀਡ ਬ੍ਰੇਕਰ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਨਾਮ ਤੇ ਜ਼ਿਲ੍ਹਾ ਮਾਲ ਅਫ਼ਸਰ ਸੰਗਰੂਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ| ਇਸ ਸਮੇਂ ਡੈਮੋਕ੍ਰੇਟਿਕ ਸਟੂਡੈਂਟਸ ਯੂਨੀਅਨ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਨੇ ਵੀ ਸੰਘਰਸ਼ ਦਾ ਸਮਰਥਨ ਕੀਤਾ| ਇਸ ਮੌਕੇ ਕੁਲਵਿੰਦਰ ਕੌਰ, ਗੁਰਪਿਆਰ ਸਿੰਘ, ਲਵਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਜਸ਼ਨਦੀਪ ਸਿੰਘ ਅਤੇ ਹਨੀਸ਼ ਗਰਗ ਆਦਿ ਹਾਜ਼ਰ ਸਨ|