ਬੀਰਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 22 ਮਈ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਸੂਬਾ ਪੱਧਰੀ ਜਥੇਬੰਦਕ ਕਨਵੈਨਸ਼ਨ ਨੇੜਲੇ ਪਿੰਡ ਮਹਿਲਾਂ ਵਿੱਚ ਹੋਈ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਕਾਲਜਾਂ ’ਚੋਂ ਸਰਗਰਮ ਵਿਦਿਆਰਥੀ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਕਨਵੈਨਸ਼ਨ ਦੌਰਾਨ ਛੇ ਮੈਂਬਰੀ ਸੂਬਾ ਜਥੇਬੰਦਕ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਹੁਸ਼ਿਆਰ ਸਲੇਮਗੜ ਨੂੰ ਸੂਬਾ ਜਥੇਬੰਦਕ ਸਕੱਤਰ, ਜਗਸੀਰ ਸਿੰਘ, ਕੋਮਲ ਖਨੌਰੀ, ਅਮਿਤੋਜ ਮੌੜ, ਗਗਨ ਦਬੜ੍ਹੀਖਾਨਾ ਨੂੰ ਕਮੇਟੀ ਮੈਂਬਰ ਤੇ ਰਵਿੰਦਰ ਸੇਵੇਵਾਲਾ ਨੂੰ ਸਹਿਯੋਗੀ ਮੈਂਬਰ ਚੁਣਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਕਾਲਜਾਂ, ਸਕੂਲਾਂ, ਯੂਨੀਵਰਸਿਟੀਆਂ ਤੇ ਹੋਰ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ‘ਤੇ ਫੀਸਾਂ- ਫੰਡਾਂ ਦਾ ਬੋਝ ਅੰਨ੍ਹੇਵਾਹ ਵਧਾਇਆ ਜਾ ਰਿਹਾ ਹੈ ਪਰ ਸਹੂਲਤਾਂ ਪੱਖੋਂ ਵਿੱਦਿਅਕ ਸੰਸਥਾਵਾਂ ਦੀ ਹਾਲਤ ਦਿਨੋਂ-ਦਿਨ ਪਤਲੀ ਹੋ ਰਹੀ ਹੈ। ਪੱਕੀ ਭਰਤੀ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਘੱਟ ਤਨਖਾਹਾਂ ‘ਤੇ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਲੰਮੇ ਸਮੇਂ ਤੋਂ ਖਾਲੀ ਪਈਆਂ ਪੋਸਟਾਂ ਦਾ ਭੋਗ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਜਿਹੇ ਸਮੇਂ ਇਨ੍ਹਾਂ ਹਾਲਤਾਂ ਨੂੰ ਬਦਲਣ ਲਈ ਪੰਜਾਬ ਦੇ ਵਿਦਿਆਰਥੀਆਂ ਕੋਲ ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ ਦੀ ਅਗਵਾਈ ‘ਚ ਉਸਰੀ ਸੱਤਰਵਿਆਂ ਦੀ ਇਨਕਲਾਬੀ ਨੌਜਵਾਨ- ਵਿਦਿਆਰਥੀ ਲਹਿਰ ਦਾ ਤਜਰਬਾ ਮੌਜੂਦ ਹੈ ਜਿਸ ਤੋਂ ਸੇਧ ਲੈ ਕੇ ਅੱਗੇ ਵਧਣ ਦੀ ਜ਼ਰੂਰਤ ਹੈ। ਵਿਦਿਆਰਥੀ ਆਗੂ ਜਗਸੀਰ ਸਿੰਘ ਨੇ 2016 ਤੋਂ ਹੁਣ ਤੱਕ ਜਥੇਬੰਦੀ ਨੂੰ ਮੁੜ ਜਥੇਬੰਦ ਕਰਨ ਦਾ ਤਜਰਬਾ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਅਮਿਤੋਜ ਮੌੜ ਦੇ ਵੱਲੋਂ ਜਥੇਬੰਦੀ ਦੇ ਮੰਗ ਪੱਤਰ ਦੀ ਵਿਆਖਿਆ ਕੀਤੀ ਗਈ। ਹੁਸ਼ਿਆਰ ਸਿੰਘ ਨੇ ਜਥੇਬੰਦੀ ਦੇ ਉਦੇਸ਼ ਤੇ ਮੰਤਵਾਂ ਦੀ ਵਿਆਖਿਆ ਕੀਤੀ ਤੇ ਵਿਦਿਆਰਥੀਆਂ ਨੂੰ ਇਸ ਦੀ ਰੋਸ਼ਨੀ ‘ਚ ਕੰਮ ਕਰਨ ਦਾ ਸੱਦਾ ਦਿੱਤਾ।
ਕਨਵੈਨਸ਼ਨ ਦੌਰਾਨ, ਪੰਜਾਬ ਦੇ ਉੱਚ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੀਟੀਏ ਫੰਡ ਤੇ ਹੋਰ ਵਿਦਿਆਰਥੀ ਭਲਾਈ ਫੰਡਾਂ ’ਚੋਂ ਪੈਸਿਆਂ ਦੀ ਮੰਗ ਕਰਨ ਦੀ ਸਖ਼ਤ ਨਿਖੇਧੀ ਦੇ ਮਤੇ ਪੇਸ਼ ਕੀਤੇ ਗਏ ਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਦੂਜੇ ਮਤੇ ਰਾਹੀਂ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਦਿੱਲੀ ਮੋਰਚੇ ਦੇ ਛੇ ਮਹੀਨੇ ਪੂਰੇ ਹੋਣ ’ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ।