ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 18 ਅਕਤੂਬਰ
ਇੱਥੋਂ ਨੇੜਲੇ ਪਿੰਡ ਚੱਠਾ ਨਨਹੇੜਾ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਮੰਡੀ ਦੇ ਸਮੁੱਚੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਨਾਲ ਲੈ ਕੇ ਮਾਰਕਫੈੱਡ ਦੇ ਇੰਸਪੈਕਟਰ ਸੁਰਿੰਦਰ ਕੁਮਾਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ।
ਕਿਸਾਨ ਆਗੂ ਰਣ ਸਿੰਘ ਚੱਠਾ ਨੇ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਹਨ, ਕਿਸੇ ਵੀ ਕਿਸਾਨ ਜਾਂ ਆੜ੍ਹਤੀਏ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਚੱਠਾ ਨੇ ਕਿਹਾ ਕਿ ਝੋਨੇ ਦੀ ਬੋਲੀ, ਚੁਕਾਈ ਅਤੇ ਅਦਾਇਗੀ ਨਾਲੋਂ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਸੁੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ। ਕਿਸਾਨ ਆਗੂ ਨੇ ਕਿਹਾ ਕਿ ਜੇ ਪੱਕਿਆ ਹੋਇਆ ਝੋਨਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਤੰਗ ਕੀਤਾ ਗਿਆ ਤਾਂ ਬੀਕੇਯੂ ਏਕਤਾ ਸਿੱਧੂਪੁਰ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਮਾਰਕੀਟ ਕਮੇਟੀ ਦਾ ਅਧਿਕਾਰੀ ਤਰਸੇਮ ਸਿੰਘ, ਆੜ੍ਹਤੀ ਸੁਮਿਤ ਸਿੰਗਲਾ, ਸੁਰਿੰਦਰ ਕੁਮਾਰ, ਕ੍ਰਿਸ਼ਨ ਸ਼ਰਮਾ ਉਗਰਾਹਾਂ ਆਦਿ ਹਾਜ਼ਰ ਸਨ।