ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਜੁਲਾਈ
ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੰਗਰੂਰ ਵੱਲੋਂ ਆਪਣੇ ਹੁਕਮਾਂ ਰਾਹੀਂ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਕੀਤੀਆਂ ਤਰੱਕੀਆਂ ’ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਾਇਆ ਹੈ ਕਿ ਇਨ੍ਹਾਂ ਤਰੱਕੀਆਂ ਵਿੱਚ ਰਾਖਵਾਂਕਰਨ ਨੀਤੀ ਦੀ ਉਲੰਘਣਾ ਕੀਤੀ ਗਈ ਹੈ।
ਯੂਨੀਅਨ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਮੰਗ ਕੀਤੀ ਹੈ ਕਿ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਸਬੰਧੀ 27 ਕਰਮਚਾਰੀਆਂ ਦੀ ਜਾਰੀ ਸੂਚੀ ਨੂੰ ਰੱਦ ਕੀਤਾ ਜਾਵੇ ਅਤੇ ਰਾਖਵਾਂਕਰਨ ਦੀ ਨੀਤੀ ਅਨੁਸਾਰ ਸੋਧੀ ਹੋਈ ਸੂਚੀ ਜਾਰੀ ਕੀਤੀ ਜਾਵੇ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਜਨਰਲ ਸਕੱਤਰ ਸ਼ਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਬਲਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਕੁਲਵੰਤ ਸਿੰਘ ਨੇ ਦੱਸਿਆ ਕਿ ਡੀਈਓ (ਐਸਿੱ) ਵੱਲੋਂ ਆਪਣੇ ਹੁਕਮਾਂ ਰਾਹੀਂ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਗਲਤ ਢੰਗ ਨਾਲ ਪ੍ਰਮੋਟ ਕੀਤੇ ਗਏ ਹਨ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋ 16 ਜੁਲਾਈ ਨੂੰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ।
ਅਧਿਆਪਕਾਂ ਨੇ ਮੰਗ ਪੱਤਰ ਸੌਂਪਿਆ
ਧੂਰੀ: ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਤੇ ਸਿੱਖਿਆ ਸਕੱਤਰ ਦੇ ਅਧਿਆਪਕਾਂ ਪ੍ਰਤੀ ਰਵੱਈਏ ਦੇ ਰੋਸ ਵੱਜੋਂ ਯੂਨੀਅਨ ਆਗੂਆਂ ਵੱਲੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਦੇ ਦਫ਼ਤਰੀ ਸਟਾਫ਼ ਨੂੰ ਮੰਗ ਪੱਤਰ ਦਿੱਤਾ ਗਿਆ। ਯੂਨੀਅਨ ਦੇ ਆਗੂਆਂ ਦੇਵੀ ਦਿਆਲ ਅਤੇ ਸਰਬਜੀਤ ਸਿੰਘ ਪੁੰਨਾਂਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ 8 ਜੂਨ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਅਧਿਆਪਕਾਂ ਵਿੱਚ ਰੋਸ ਹੈ। ਇਸ ਮੌਕੇ ਭੀਮ ਖੇੜੀ, ਮਨਪ੍ਰੀਤ ਸਿੰਘ ਟਿੱਬਾ, ਕੁਲਵੀਰ ਸਿੰਘ, ਨੂਤਨ ਕਪੂਰ ਅਤੇ ਕਈ ਹੋਰ ਅਧਿਆਪਕ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ