ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਮਾਲਵਾ ਖੇਤਰ ਦੇ ਛੇ ਜ਼ਿਲ੍ਹਿਆਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਇੱਥੇ ਡੀਸੀ ਦਫ਼ਤਰ ਅੱਗੇ ਜ਼ੋਨਲ ਪੱਧਰ ਦੀ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਮਗਰੋਂ ਮਾਰਚ ਕਰਦਿਆਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਮੁੱਖ ਚੌਕ ਵਿਚ ‘ਆਪ’ ਦੇ ਕੌਮੀ ਕਨਵੀਨਰ, ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁਤਲੇ ਫ਼ੂਕਦਿਆਂ ਮਹਿਲਾ ਮੁਲਾਜ਼ਮਾਂ ਵੱਲੋਂ ‘ਕੀਰਨੇ’ ਪਾਏ ਗਏ। ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ 10 ਤੋਂ 15 ਅਕਤੂਬਰ ਤੱਕ ਮੁਕੰਮਲ ਕਲਮਛੋੜ ਹੜਤਾਲ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਜ਼ੋਨਲ ਪੱਧਰੀ ਰੈਲੀ ਨੂੰ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ ਅਤੇ ਚੇਅਰਮੈਨ ਮੇਘ ਸਿੰਘ ਸਿੱਧੂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਜ਼ੋਨ ਪੱਧਰ ਦੀ ਤਿੰਨ ਰੋਸ ਰੈਲੀਆਂ ਕੀਤੀਆਂ ਗਈਆਂ ਪਰ ਸਰਕਾਰ ਵੱਲੋਂ ਮੰਗਾਂ ਪ੍ਰਤੀ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਇਸ ਕਾਰਨ ਅੱਜ ਛੇ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਲੇਰਕੋਟਲਾ, ਮਾਨਸਾ, ਬਰਨਾਲਾ ਅਤੇ ਬਠਿੰਡਾ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਰੋਸ ਰੈਲੀ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਦਾ ਸਮਾਂ ਨਾ ਮਿਲਿਆ ਤਾਂ ਸੰਘਰਸ਼ ਨੂੰ ਤਿੱਖੇ ਰੂਪ ਵਿਚ ਉਲੀਕਿਆ ਜਾਵੇਗਾ ਅਤੇ 10 ਤੋਂ 15 ਅਕਤੂਬਰ ਤੱਕ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾਵੇਗੀ।
ਰੈਲੀ ’ਚ ਆਗੂ ਮੇਘ ਸਿੰਘ ਸਿੱਧੂ, ਸਰਬਜੀਤ ਸਿੰਘ ਢੀਂਗਰਾ, ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜ਼ਿਲ੍ਹਾ ਪ੍ਰਧਾਨ ਜੋਗਿੰਦਰ ਪਾਲ ਸਿੰਘ, ਸਾਂਝਾ ਮੁਲਾਜ਼ਮ ਮੰਚ ਚੰਡੀਗੜ੍ਹ ਦੇ ਕਰਮਜੀਤ ਕੌਰ ਪੁੱਜੇ ਹੋਏ ਸਨ।