ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰੀ ਰਣਬੀਰ ਕਾਲਜ ਵਿਚ ਰੈਲੀ ਕੀਤੀ ਗਈ ਅਤੇ ਪ੍ਰਿੰਸੀਪਲ ਨੂੰ ਮੰਗ ਪੱਤਰ ਸੌਂਪਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਕੋਮਲ ਖਨੌਰੀ ਅਤੇ ਕਾਲਜ ਕਮੇਟੀ ਦੇ ਪ੍ਰਧਾਨ ਸੁਖਚੈਨ ਸਿੰਘ ਪੁੰਨਾਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਨੇਕਾਂ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਲੈ ਕੇ ਅੱਜ ਰੈਲੀ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਲਾਇਬਰੇਰੀ ਵਿਚ ਬੈਠਣ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ, ਨਵੀਂ ਬਣ ਰਹੀ ਲਾਇਬਰੇਰੀ ਦੀ ਉਸਾਰੀ ਵਿੱਚ ਤੇਜ਼ੀ ਲਿਆਂਦੀ ਜਾਵੇ, ਸਿਲੇਬਸ ਨਾਲ ਸਬੰਧਤ ਕਿਤਾਬਾਂ ਲਾਇਬਰੇਰੀ ਵਿੱਚ ਮੁਹੱਈਆ ਕਾਰਵਾਈਆਂ ਜਾਣ ਤੇ ਉਨ੍ਹਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ, ਪੀਣ ਵਾਲੇ ਪਾਣੀ ਦਾ ਯੋਗ ਪ੍ਰਬੰਧ ਕੀਤਾ ਜਾਵੇ ਤੇ ਵਾਟਰ ਕੂਲਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ। ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਆਗੂ ਰਮਨ ਸਿੰਘ ਕਾਲਾਝਾੜ ਅਤੇ ਗੁਰਜਿੰਦਰ ਸਿੰਘ ਲਾਡਵੰਜਾਰਾ ਕਲਾਂ ਨੇ ਦੱਸਿਆ ਕਿ ਪ੍ਰਿੰਸੀਪਲ ਵਲੋਂ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ।