ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਮਈ
ਪਹਿਲੀ ਜੂਨ ਨੂੰ ਹੋਣ ਵਾਲੀ ਲੋਕ ਸਭਾ ਪੋਲਿੰਗ ’ਚ ਵੋਟਰਾਂ ਨੂੰ ਉਤਸ਼ਾਹ ਨਾਲ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ‘ਯੂਥ ਚੱਲਿਆ ਬੂਥ’ ਦੇ ਨਾਮ ਹੇਠ ਕਰਵਾਈ ਗਈ ਵਾਕਥਨ ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸੈਂਕੜੇ ਨੌਜਵਾਨ ਵੋਟਰਾਂ ਦੀ ਪੈਦਲ ਜਾਗਰੂਕਤਾ ਯਾਤਰਾ ਨੂੰ ਹਰੀ ਝੰਡੀ ਵਿਖਾਉਣ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਆਮ ਚੋਣਾਂ ਲਈ ਵੋਟਿੰਗ ਫੀਸਦ ਦੇ ਪੱਖੋਂ ‘ਇਸ ਵਾਰ 70 ਪਾਰ’ ਦਾ ਟੀਚਾ ਦਿੱਤਾ ਗਿਆ ਹੈ ਅਤੇ ਇਸ ਟੀਚੇ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਯਕੀਨੀ ਤੌਰ ’ਤੇ ਸਫਲਤਾ ਮਿਲੇਗੀ। ਉਨ੍ਹਾਂ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਭੇਜਿਆ ਗਿਆ ਵਿਸ਼ੇਸ਼ ਸੱਦਾ ਵੀ ਦਿੱਤਾ ਜਾ ਰਿਹਾ ਹੈ।