ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਨਵੰਬਰ
ਸੰਘਣੀ ਧੁੰਦ ਕਾਰਨ ਸੜਕ ਦੁਰਘਟਨਾਵਾਂ ਤੋਂ ਬਚਾਅ ਲਈ ਟਰੈਫਿਕ ਪੁਲੀਸ ਸੰਗਰੂਰ ਵੱਲੋਂ ਵੱਖ-ਵੱਖ ਕਿਸਮ ਦੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਗਏ ਹਨ। ਵੱਡੇ ਲੋਕ ਹਿੱਤ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਟਰੈਫਿਕ ਪੁਲੀਸ ਵੱਲੋਂ ਕੀਤੇ ਗਏ ਇਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟਰੈਫਿਕ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਟਰੈਫਿਕ ਪੁਲੀਸ ਸਮੇਂ ਸਮੇਂ ’ਤੇ ਵਾਹਨ ਚਾਲਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਪੁੱਟਦੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵਾਹਨਾਂ ਦੇ ਪਿੱਛੇ 100 ਦੇ ਕਰੀਬ ਰਿਫਲੈਕਟਰ ਲਗਾਏ ਗਏ ਹਨ ਜਿਸ ਨਾਲ ਸੰਘਣੀ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਸਹਾਇਤਾ ਮਿਲੇਗੀ। ਸਬ-ਇੰਸਪੈਕਟਰ ਪਵਨ ਕੁਮਾਰ ਸ਼ਰਮਾ ਨੇ ਵਾਹਨ ਚਾਲਕਾਂ ਨੂੰ ਜਾਣੂ ਕਰਵਾਇਆ ਕਿ ਜ਼ਿਲ੍ਹੇ ਵਿੱਚ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਹੜੇ ਵਾਹਨ ਚਾਲਕ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਮੌਕੇ ਏਐੱਸਆਈ ਬਲਵਿੰਦਰ ਸਿੰਘ, ਏਐੱਸਆਈ ਰਾਮ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਵੀ ਹਾਜ਼ਰ ਸਨ।