ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਬਣਾਏ ਜਾ ਰਹੇ ਰੇਲਵੇ ਅੰਡਰਪਾਸ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਰੇਲਵੇ ਅੰਡਰਪਾਸ ਦੇ ਬਣਨ ਨਾਲ ਇਥੋਂ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀ ਵੱਡੀ ਸਮੱਸਿਆ ਤੋਂ ਰਾਹਤ ਮਿਲ ਜਾਵੇਗੀ।
ਉਨ੍ਹਾਂ ਕਿਹਾ ਕਿ ਸਥਾਨਕ ਵਿਧਾਨ ਸਭਾ ਹਲਕੇ ਦੀ ਕਾਇਆ ਕਲਪ ਕਰਨ ਲਈ ਉਹ ਦਿਨ ਰਾਤ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪਿਛਲੇ ਕਰੀਬ ਢਾਈ ਸਾਲਾਂ ਵਿੱਚ ਉਨ੍ਹਾਂ ਨੇ ਅਨੇਕਾਂ ਵਿਕਾਸ ਪ੍ਰਾਜੈਕਟ ਸੁਨਾਮ ਵਾਸੀਆਂ ਨੂੰ ਸਮਰਪਿਤ ਕੀਤੇ ਹਨ ਅਤੇ ਵੱਡੀ ਗਿਣਤੀ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ, ਜਿਨ੍ਹਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼ ਵੱਖ-ਵੱਖ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੇ ਹੋਏ ਹਨ ਅਤੇ ਉਹ ਸਮੇਂ ਸਮੇਂ ’ਤੇ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗਾਂ ਕਰਦੇ ਰਹਿੰਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਰੇਲਵੇ ਅੰਡਰਪਾਸ ਬਣਾਉਣ ਦਾ ਪ੍ਰਾਜੈਕਟ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ ਜਿਸ ਲਈ ਸਮੁੱਚੇ ਸਬੰਧਤ ਵਿਭਾਗ ਤਨਦੇਹੀ ਨਾਲ ਕਾਰਜਸ਼ੀਲ ਹਨ। ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਜਨਵਰੀ 2023 ਤੋਂ ਲਗਾਤਾਰ ਹੁਣ ਤੱਕ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ਵਿੱਚ ਅਤੇ ਲੋਕਲ ਪੱਧਰ ’ਤੇ ਵੱਡੀ ਗਿਣਤੀ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਨਿਰੰਤਰ ਤਾਲਮੇਲ ਰੱਖਦੇ ਹੋਏ ਸ਼ਹਿਰ ਵਾਸੀਆਂ ਨੂੰ ਦਰਪੇਸ਼ ਇਸ ਵੱਡੀ ਸਮੱਸਿਆ ਦੇ ਸਥਾਈ ਹੱਲ ਲਈ ਹਰ ਸੰਭਵ ਉਪਰਾਲਾ ਕੀਤਾ ਗਿਆ।
ਇਸ ਰੇਲਵੇ ਅੰਡਰਪਾਸ ਦੇ ਬਣਨ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ ਕਿਉਂਕਿ ਇਸ ਰੇਲਵੇ ਲਾਈਨ ’ਤੇ ਸਾਰਾ ਦਿਨ ਵੱਡੀ ਗਿਣਤੀ ਵਿੱਚ ਪੈਸੇਂਜਰ ਤੇ ਮਾਲ ਗੱਡੀਆਂ ਲੰਘਦੀਆਂ ਹਨ ਜਿਸ ਕਾਰਨ ਰੇਲਵੇ ਫਾਟਕ ਦੇ ਵਾਰ ਵਾਰ ਬੰਦ ਹੋਣ ਕਾਰਨ ਆਵਾਜਾਈ ਵਿੱਚ ਭਾਰੀ ਵਿਘਨ ਪੈਂਦਾ ਹੈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।