ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 7 ਫਰਵਰੀ
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪ੍ਰਮੁੱਖ ਸਿਆਸੀ ਰਣਨੀਤੀਕਾਰ ਮੁਹੰਮਦ ਮੁਸਤਫਾ ਨੇ ਆਪਣੀ ਪਤਨੀ ਤੇ ਕਾਂਗਰਸ ਦੀ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਹੱਕ ’ਚ ਸਥਾਨਕ ਮੁਹੱਲਾ ਜ਼ਰਕੋਬਾਂ ਵਿੱਚ ਨੁੱਕੜ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੁਆਰਾ ਕਾਇਮ ਸੱਚਰ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਸਲਮਾਨਾਂ ਦੀ ਆਰਥਿਕ ਤੇ ਸਮਾਜਕ ਤਰੱਕੀ ’ਚ ਸਹਾਈ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮੰਨਣਾ ਹੈ ਕਿ ਦੇਸ਼ ਦੇ ਸਰੋਤਾਂ ’ਤੇ ਕਿਸੇ ਵਰਗ ਵਿਸ਼ੇਸ਼ ਦਾ ਨਹੀਂ ਸਗੋਂ ਸਭ ਵਰਗਾਂ ਦਾ ਬਰਾਬਰ ਦਾ ਹੱਕ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸ੍ਰੀ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਅਨੁਸੂਚਿਤ ਜਾਤੀ ਤੇ ਗ਼ਰੀਬ ਵਰਗ ਦਾ ਮਾਣ ਵਧਾਇਆ ਹੈ। ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੀ ਮੰਗ ’ਤੇ ਹੱਜ ਹਾਊਸ ਨੂੰ ਮਨਜ਼ੂਰੀ ਦੇ ਕੇ ਮੁਸਲਮਾਨਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਜਨਾਬ ਮੁਸਤਫਾ ਨੇ ਕਿਹਾ ਕਿ ਭਾਜਪਾ ਅਤੇ ‘ਆਪ’ ਵਿੱਚ ਕੋਈ ਫਰਕ ਨਹੀਂ। ਆਮ ਆਦਮੀ ਪਾਰਟੀ ਭਾਜਪਾ ਦੀ ‘ਬੀ’ ਟੀਮ ਹੈ ,ਜਿਸ ਤੋਂ ਘੱਟ ਗਿਣਤੀਆਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।
ਪਤਨੀ ਦੇ ਚੋਣ ਦਫ਼ਤਰ ਉਦਘਾਟਨ
ਸੰਦੌੜ (ਪੱਤਰ ਪ੍ਰੇਰਕ): ਮਾਲੇਰਕੋਟਲਾ ਤੋਂ ਕਾਂਗਰਸੀ ਉਮੀਦਵਾਰ ਰਜ਼ੀਆ ਸੁਲਤਾਨਾ ਦੇ ਪਤੀ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਪਤਨੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਉਹ ਸੰਦੌੜ ਨੂੰ ਸਬ-ਤਹਿਸੀਲ ਬਣਾਉਣਗੇ। ਮੁਹੰਮਦ ਮੁਸਤਫਾ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਵੀ ਹਲਕੇ ਦੇ ਲੋਕਾਂ ਨਾਲ ਝੂਠਾ ਵਾਅਦਾ ਨਹੀਂ ਕਰਦਾ।ਉਨ੍ਹਾਂ ਕਿਹਾ ਕਿ 2017 ਵਿੱਚ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਅਤੇ ਇਕ ਮੈਡੀਕਲ ਕਾਲਜ ਬਣਾਉਣ ਦਾ ਲੋਕਾਂ ਨਾਲ ਵਾਅਦਾ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਬਣਨ ਤੇ ਹਲਕੇ ਦੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ’ਤੇ ਪੁਲੀਸ ਵਿੱਚ ਭਰਤੀ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।