ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਅਕਤੂਬਰ
ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਹਿਯੋਗ ਨਾਲ ਅੱਜ ਟੌਲ ਪਲਾਜ਼ਾ ਕਾਲਾਝਾੜ ਦੇ ਦਫ਼ਤਰ ਨੂੰ ਜਿੰਦਰਾ ਲਗਾ ਕੇ ਪੰਜਾਬ ਭਰ ਵਿੱਚ ਜਿੰਦਰੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਵਿੱਚ 12,000 ਕਰਮਚਾਰੀ ਟੌਲ ਪਲਾਜ਼ਾ ’ਤੇ ਨੌਕਰੀ ਕਰਦੇ ਹਨ। ਇਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ ਰੋਟੀ ਇਸੇ ਕਿੱਤੇ ’ਤੇ ਨਿਰਭਰ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਰਕਰਾਂ ਦੀਆਂ ਟੌਲ ਪਲਾਜ਼ਾ ਕੰਪਨੀਆਂ ਵੱਲੋਂ ਪਿਛਲੇ 10 ਮਹੀਨਿਆਂ ਤੋਂ ਤਨਖ਼ਾਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕੌਮੀ ਮਾਰਗਾਂ ਦੇ ਟੌਲ ਪਲਾਜ਼ਿਆਂ ਦੇ ਬੰਦ ਹੋਣ ’ਤੇ ਵੀ ਟੌਲ ਪਲਾਜ਼ਾ ਕੰਪਨੀਆਂ ਨੂੰ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ, ਪਰ ਟੌਨ ਕੰਪਨੀਆਂ ਅੱਗੇ ਕਰਮਚਾਰੀਆਂ ਨੂੰ ਬਣਦੀਆਂ ਉਜਰਤਾਂ ਨਹੀਂ ਦੇ ਰਹੀਆਂ।
ਉਨ੍ਹਾਂ ਕਿਹਾ ਕਿ ਦੂਜੇ ਟੌਲ ਪਲਾਜ਼ਿਆਂ ਨੂੰ ਵੀ ਸੋਮਵਾਰ ਤੋਂ ਬੰਦ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਸੂਬਾ ਮੀਤ ਪ੍ਰਧਾਨ ਵਰਿੰਦਰ ਸਿੰਘ ਧਰੇੜੀ ਜੱਟਾਂ ਟੋਲ, ਸੂਬਾ ਖ਼ਜਾਨਚੀ ਅਮਨਦੀਪ ਸਿੰਘ ਸਣੇ ਵਰਕਰ ਹਾਜ਼ਰ ਸਨ। ਇਸੇ ਦੌਰਾਨ ਟੌਲ ਪਲਾਜ਼ਾ ਕਾਲਾਝਾੜ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਮੈਨੇਜਮੈਂਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ।