ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 11 ਜਨਵਰੀ
ਇਥੇ ਸੀਪੀਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਇੱਥੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਗੁਰਮੇਲ ਕੌਰ ਬਿਜੌਕੀ ਦੀ ਪ੍ਰਧਾਨਗੀ ਹੇਠ ਰੱਖੀ ਜ਼ਿਲ੍ਹਾ ਬੈਠਕ ਨੂੰ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਉਸ ਵਕਤ ਹੋ ਰਹੀਆਂ ਹਨ ਜਦ ਪੰਜਾਬ ਬਹੁਪਰਤੀ ਸਮੱਸਿਅਵਾਂ ’ਚ ਘਿਰਿਆ ਹੋਇਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਹਰ ਹੀਲੇ ਸੱਤਾ ’ਤੇ ਕਾਬਜ਼ ਹੋਣ ਦੀ ਲਾਲਸਾ ਅਧੀਨ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ ਪਰ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਵਿਧਾਨ ਸਭਾ ਅੰਦਰ ਧਰਮ ਨਿਰਪੱਖ ਅਤੇ ਜਮਹੂਰੀਅਤ ਪਸੰਦ ਉਮੀਦਵਾਰਾਂ ਨੂੰ ਭੇਜਿਆ ਜਾਵੇ। ਸ੍ਰੀ ਸੇਖੋਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੇ ਆਮ ਵੋਟਰਾਂ ਖ਼ਾਸ ਕਰਕੇ ਔਰਤਾਂ ਨੂੰ ਲੁਭਾਉਣ ਲਈ ਝੂਠੇ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਲਈ ਪੰਜਾਬ ਦੇ ਵੋਟਰਾਂ ਖ਼ਾਸ ਕਰਕੇ ਔਰਤਾਂ ਨੂੰ ਇਨ੍ਹਾਂ ਪਾਰਟੀਆਂ ਦੇ ਆਗੂਆਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਸ੍ਰੀ ਸੇਖੋਂ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਪੰਜਾਬ ਦੇ ਅਸਲ ਮੁੱਦਿਆਂ ਨੂੰ ਵਿਸਾਰ ਕੇ ਮੁਫ਼ਤਖੋਰੀ ਦੇ ਝੂਠੇ ਵਾਅਦੇ ਕਰ ਕੇ ਚੋਣਾਂ ਜਿੱਤਣਾ ਚਾਹੁੰਦੀਆਂ ਹਨ।