ਹਰਦੀਪ ਸਿੰਘ ਸੋਢੀ
ਧੂਰੀ, 27 ਸਤੰਬਰ
ਸੰਯੁਕਤ ਕਿਸਾਨ ਮੋਰਚੇ ਦੀ ਅਪੀਲ ’ਤੇ ਅਮਲ ਕਰਦਿਆਂ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਅਤੇ ਸਹਿਯੋਗੀ ਜੱਥੇਬੰਦੀਆਂ ਨੇ ਕੱਕੜਵਾਲ ਚੌਂਕ ਵਿੱਚ ਸੜਕੀ ਆਵਾਜਾਈ ਠੱਪ ਕਰਕੇ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ਾਲ ਧਰਨਾ ਦਿੱਤਾ। ਬਲਾਕ ਧੂਰੀ ਦੇ ਸਾਰੇ ਪਿੰਡਾਂ ਦੇ ਕਿਸਾਨਾਂ ਅਤੇ ਸ਼ਹਿਰ ਨਿਵਾਸੀਆਂ ਨੇ ਆਪਣੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਕਰਕੇ ਭਾਰਤ ਬੰਦ ਨੂੰ ਸਫ਼ਲ ਬਣਾਉਣ ਵਿੱਚ ਪੂਰਨ ਸਹਿਯੋਗ ਦਿੱਤਾ। ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆ ਨੂੰ ਲਾਭ ਦੇਣ ਲਈ ਦੇਸ਼ ਵਾਸੀਆਂ ਦੀ ਗੱਲ ਨੂੰ ਅਣਗੌਲਿਆ ਕਰ ਰਹੇ ਹਨ, ਇਹ ਗੱਲ ਬਹੁਤ ਮੰਦਭਾਗੀ ਹੈ। ਇਹ ਮਾਰੂ ਕਾਨੂੰਨ ਲਾਗੂ ਹੋਣ ਨਾਲ ਦੇਸ਼ ਵਿੱਚ ਅਫਰਾ ਤਫਰੀ ਫੈਲ ਜਾਵੇਗੀ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿ ਖੇਤੀ ਵਿਰੋਧੀ ਤਿੰਨੇ ਮਾਰੂ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਸਟੇਜ ਤੋ ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਆੜਤੀਆ ਐਸ਼ੋਸ਼ੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਕਿਸਾਨ ਜੱਥੇਬੰਦੀਆਂ ਦੇ ਆਗੂ ਜਰਨੈਲ ਸਿੰਘ ਜਹਾਂਗੀਰ, ਨਾਜ਼ਮ ਸਿੰਘ ਪੁੰਨਾਵਾਲ, ਮੇਜਰ ਸਿੰਘ ਪੁੰਨਾਵਾਲ, ਨਰੰਜਣ ਸਿੰਘ ਦੋਹਲਾ, ਹਰਦੇਵ ਸਿੰਘ ਘਨੌਰੀ, ਮਹਿੰਦਰ ਸਿੰਘ ਬੁਗਰਾ, ਅਵਤਾਰ ਸਿੰਘ ਬਾਦਸ਼ਾਹਪੁਰ ਅਤੇ ਸਮਾਜ ਸੇਵੀ ਨਰਿੰਦਰ ਸਿੰਘ ਬਖਸ਼ੀ ਨੇ ਵੀ ਹਾਜ਼ਰੀ ਲਵਾਈ।