ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਅਪਰੈਲ
ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ 5, 6 ਅਤੇ 7 ਮਈ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਢੱਡਰੀਆਂ ਵਿਖੇ ਕੀਤੇ ਜਾ ਰਹੇ ਪ੍ਰੋਗਰਾਮ ਉਪਰ ਰੋਕ ਲਾਉਣ ਦੀ ਮੰਗ ਕੀਤੀ ਹੈ। ਸਿੱਖ ਜਥੇਬੰਦੀਆਂ ਵਲੋਂ ਇਸ ਪ੍ਰੋਗਰਾਮ ਦਾ ਸਖ਼ਤ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਸ਼ਾਂਤਮਈ ਮਾਹੌਲ ਖਰਾਬ ਹੋਣ ਦਾ ਖਦਸ਼ਾ ਜਤਾਇਆ ਹੈ। ਇਸ ਸਬੰਧ ਵਿਚ ਸਿੱਖ ਜਥੇਬੰਦੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਦੇ ਨਾਂ ਏਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਥੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੂੰ ਮਿਲਣ ਤੋਂ ਬਾਅਦ ਸਿੱਖ ਜਥੇਬੰਦੀਆਂ ਦਮਦਮੀ ਟਕਸਾਲ ਕਣਕਵਾਲ ਭੰਗੂਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਸੰਗਰੂਰ, ਸਿੱਖ ਸਦਭਾਵਨਾ ਦਲ ਇਕਾਈ ਸੰਗਰੂਰ, ਗੁਰਮਤਿ ਪ੍ਰਚਾਰਕ ਗ੍ਰੰਥੀ ਸਭਾ ਸੰਗਰੂਰ, ਗੁਰੂ ਨਾਨਕ ਲੇਵਾ ਸਮੂਹ ਸੰਗਤਾਂ ਤੇ ਨਿਹੰਗ ਜਥੇਬੰਦੀਆਂ ਦੇ ਆਗੂਆਂ ਭਾਈ ਅਮਰਜੀਤ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਗੁਰਮੀਤ ਸਿੰਘ, ਕੁਲਵੰਤ ਸਿੰਘ ਬੁਰਜ, ਨਿਰਮਲ ਸਿੰਘ ਨਰੈਣਗੜ੍ਹ, ਭਾਈ ਗੁਰਧਿਆਨ ਸਿੰਘ, ਭਾਈ ਸੁਖਰਾਜ ਸਿੰਘ ਮਸਤੂਆਣਾ ਸਾਹਿਬ, ਭਾਈ ਕੇਵਲ ਸਿੰਘ ਹਰੀਪੁਰਾ ਅਤੇ ਭਾਈ ਜਗਤਾਰ ਸਿੰਘ ਗੁੱਜਰਾਂ ਨੇ ਦੱਸਿਆ ਕਿ ਅਕਾਲ ਤਖ਼ਤ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰੋਗਰਾਮਾਂ ਉਪਰ ਰੋਕ ਲਗਾਈ ਹੋਈ ਹੈ। ਇਸ ਦੇ ਬਾਵਜੂਦ ਹੁਣ ਪਿੰਡ ਢੱਡਰੀਆਂ ਜ਼ਿਲ੍ਹਾ ਸੰਗਰੂਰ ਵਿਖੇ 5, 6 ਅਤੇ 7 ਮਈ ਨੂੰ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਅਕਾਲ ਤਖ਼ਤ ਵਲੋਂ ਕੋਈ ਫੈਸਲਾ ਨਹੀਂ ਹੋ ਜਾਂਦਾ, ਉਦੋਂ ਤੱਕ ਇਹਨ੍ਹਾਂ ਦੇ ਪ੍ਰੋਗਰਾਮਾਂ ਉਪਰ ਰੋਕ ਲਗਾਈ ਜਾਵੇ।