ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਨਵੰਬਰ
ਇੱਥੇ ਅੱਜ ਵਿਸ਼ਵਕਰਮਾ ਮੰਦਰ ਵਿੱਚ ਸਾਲਾਨਾ ਸਮਾਗਮ ਦੌਰਾਨ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚਣਾ ਸੀ, ਪਰ ਇਸ ਗੱਲ ਦੀ ਭਿਣਕ ਲੱਗਦਿਆਂ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਮੁੱਖ ਮਾਰਗ ’ਤੇ ਖੜ੍ਹ ਹੋ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਕਰ ਕੇ ਸ੍ਰੀ ਸਿੰਗਲਾ ਨੂੰ ਐਨ ਮੌਕੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚਣ ਸਬੰਧੀ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ।
ਇਸ ਦੌਰਾਨ ਕਿਸਾਨਾਂ ਵੱਲੋਂ ਦਿੱਤੇ ਗਏ ਰੋਸ ਧਰਨੇ ਵਿੱਚ ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਜਗਤਾਰ ਸਿੰਘ ਲੱਡੀ, ਗੁਰਦੇਵ ਸਿੰਘ ਆਲੋਅਰਖ ਅਤੇ ਗੁਰਮੇਲ ਕੌਰ ਨੇ ਕਿਹਾ ਕਿ ਨਰਮੇ ਦੀ ਫਸਲ ਦੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਪੂਰਾ ਮੁਆਵਜ਼ਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਸੂਬੇ ਵਿਚ ਕਾਂਗਰਸ ਸਰਕਾਰ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਪ੍ਰੋਗਰਾਮਾਂ ਵਿਚ ਪਹੁੰਚ ਕੇ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸੇ ਤਹਿਤ ਉਨ੍ਹਾਂ ਵੱਲੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਨਰਮੇ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਮੰਤਰੀਆਂ ਦੇ ਪ੍ਰੋਗਰਾਮ ਨਹੀਂ ਹੋਣ ਦਿੱਤੇ ਜਾਣਗੇ। ਇਸੇ ਦੌਰਾਨ ਵਿਸ਼ਵਕਰਮਾ ਮੰਦਰ ਵਿਖੇ ਸਾਲਾਨਾ ਸਮਾਗਮ ਵਿੱਚ ਕਾਂਗਰਸੀ ਆਗੂ ਪ੍ਰਦੀਪ ਕੁਮਾਰ ਕੱਦ, ਵਰਿੰਦਰ ਪੰਨਵਾਂ, ਬਲਵਿੰਦਰ ਸਿੰਘ ਘਾਬਦੀਆ, ਹਰਮਨ ਸਿੰਘ, ਸਤਵੰਤ ਸਿੰਘ ਖਰੇ, ਗੁਰਵਿੰਦਰ ਸਿੰਘ ਸੱਗੂ, ਬਲਵਿੰਦਰ ਸਿੰਘ ਸੱਗੂ, ਗੁਰਚਰਨ ਸਿੰਘ ਮਣਕੂ ਆਦਿ ਨੇ ਵਿਸ਼ਵਕਰਮਾ ਦਿਵਸ ਦੀਆਂ ਸਭ ਨੂੰ ਮੁਬਾਰਕਾਂ ਦਿੱਤੀਆਂ।