ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਮਾਰਚ
ਇਸ ਸ਼ਹਿਰ ਵਿੱਚ ਘੁੰਮਦੇ ਆਵਾਰਾ ਪਸ਼ੂਆਂ ਵੱਲੋਂ ਜਿੱਥੇ ਫਸਲਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਉੱਥੇ ਹੀ ਇਨ੍ਹਾਂ ਕਾਰਨ ਰੋਜ਼ਾਨਾ ਸੜਕ ਹਾਦਸੇ ਹੋ ਰਹੇ ਹਨ। ਇਹ ਆਵਾਰਾ ਪਸ਼ੂ ਸਾਰਾ ਦਿਨ ਸ਼ਹਿਰ ਦੀਆਂ ਸੱਥਾਂ, ਗਲੀਆਂ ਤੇ ਅਨਾਜ ਮੰਡੀ ਵਿੱਚ ਫਿਰਦੇ ਰਹਿੰਦੇ ਹਨ ਪਰ ਸ਼ਾਮ ਹੁੰਦਿਆਂ ਹੀ ਇਹ ਨੇੜਲੇ ਖੇਤਾਂ ਵੱਲ ਧਾਵਾ ਬੋਲ ਦਿੰਦੇ ਹਨ ਅਤੇ ਫਸਲਾਂ ਦਾ ਭਾਰੀ ਨੁਕਸਾਨ ਕਰ ਦਿੰਦੇ ਹਨ। ਇਨ੍ਹਾਂ ਪਸ਼ੂਆਂ ਤੋਂ ਕਣਕ ਨੂੰ ਬਚਾਉਣ ਲਈ ਕਿਸਾਨ ਖੇਤਾਂ ਦੀ ਰਾਖੀ ਕਰਨ ਲਈ ਮਜਬੂਰ ਹਨ।
ਇਸ ਸਬੰਧੀ ਕਿਸਾਨ ਮਾਲਵਿੰਦਰ ਸਿੰਘ ਭਵਾਨੀਗੜ੍ਹ, ਅਮਰਿੰਦਰ ਸਿੰਘ, ਮਨਦੀਪ ਸਿੰਘ, ਭਰਪੂਰ ਸਿੰਘ ਬੜਿੰਗ, ਮੁਖਤਿਆਰ ਸਿੰਘ ਤੇ ਅਵਤਾਰ ਸਿੰਘ ਆਦਿ ਨੇ ਦੱਸਿਆ ਕਿ ਜਿਸ ਖੇਤ ਵਿੱਚ ਆਵਾਰਾ ਪਸ਼ੂਆਂ ਦਾ ਝੁੰਡ ਵੜ ਜਾਂਦਾ ਹੈ, ਉਸ ਖੇਤ ਦੀ ਫਸਲ ਨੂੰ ਤਬਾਹ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਇਨ੍ਹਾਂ ਸਬੰਧੀ ਕੋਈ ਠੋਸ ਯਤਨ ਨਹੀਂ ਕੀਤੇ ਗਏ ਹਨ ਅਤੇ ਗਊਸ਼ਾਲਾ ਵੀ ਵੱਡੀ ਗਿਣਤੀ ਆਵਾਰਾ ਪਸ਼ੂਆਂ ਨੂੰ ਸੰਭਾਲਣ ਤੋਂ ਅਸਮਰੱਥ ਹਨ। ਇਸੇ ਤਰ੍ਹਾਂ ਮੁੱਖ ਸੜਕ ਤੇ ਲਿੰਕ ਸੜਕਾਂ ’ਤੇ ਘੁੰਮਦੇ ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਹਰ ਰੋਜ਼ ਸੜਕ ਹਾਦਸੇ ਹੋ ਰਹੇ ਹਨ, ਜਿਨ੍ਹਾਂ ਵਿੱਚ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਪਸ਼ੂਆਂ ਦੀ ਸੰਭਾਲ ਲਈ ਢੁਕਵਾਂ ਪ੍ਰਬੰਧ ਕੀਤਾ ਜਾਵੇ। ਐੱਸਡੀਐੱਮ ਭਵਾਨੀਗੜ੍ਹ ਦੇ ਦਫਤਰ ਅਤੇ ਨਗਰ ਕੌਂਸਲ ਭਵਾਨੀਗੜ੍ਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਪਸ਼ੂਆਂ ਦੀ ਸੰਭਾਲ ਲਈ ਝਨੇੜੀ ਵਿੱਚ ਜ਼ਿਲ੍ਹਾ ਪੱਧਰ ਦੀ ਗਊਸ਼ਾਲਾ ਬਣਾਈ ਗਈ ਹੈ ਅਤੇ ਹੋਰ ਵੀ ਯਤਨ ਜਾਰੀ ਹਨ।