ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਕਰਵਾਈ ਗਈ ਚੌਥੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਮਿਡਲ ਤੇ ਸੈਕੰਡਰੀ ਪੱਧਰ ’ਤੇ ਪਹਿਲੇ ਸਥਾਨਾਂ ’ਤੇ ਆਏ 110 ਵਿਦਿਆਰਥੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਤਰਕਸ਼ੀਲ ਸੁਸਾਇਟੀ ਦੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਸਮਾਗਮ ’ਚ ਸ਼ਾਮਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਮੁੱਖ ਬੁਲਾਰੇ ਵਿਦਿਆਰਥੀ ਚੇਤਨਾ ਵਿਭਾਗ ਦੇ ਸੂਬਾ ਮੁਖੀ ਰਜਿੰਦਰ ਭਦੌੜ ਨੇ ਬਰਾਬਰੀ ਦੇ ਸਮਾਜ ਦੀ ਸਿਰਜਣਾ ਲਈ ਤਰਕਸ਼ੀਲ ਸੋਚ ਅਪਨਾਉਣ ਦਾ ਸੱਦਾ ਦਿੱਤਾ। ਦੂਸਰੇ ਸੈਸ਼ਨ ਵਿੱਚ ਸੈਕੰਡਰੀ ਤੇ ਮਿਡਲ ਵਿਭਾਗਾਂ ਵਿੱਚੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਸਰਟੀਫਿਕੇਟ, ਨਕਦ ਰਾਸ਼ੀ ਤੇ ਪੁਸਤਕਾਂ ਦੇ ਸੈੱਟ ਦੇ ਕੇ ਤੇ ਬਾਕੀ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਚੇਤਨਾ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਸਕੂਲ ਮੁਖੀਆਂ ਅਤੇ ਆਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜਗਦੇਵ ਕੰਮੋਮਾਜਰਾ ਨੇ ਜਾਦੂ ਦੀਆਂ ਟਰਿੱਕਾਂ ਰਾਹੀਂ ਲੋਕਾਂ ਨੂੰ ਆਪਣਾ ਨਜ਼ਰੀਆ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ। ਚਰਨਕਮਲ ਸਿੰਘ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਪ੍ਰਿੰਸੀਪਲ ਹਰਦੇਵ ਕੁਮਾਰ, ਪ੍ਰਿੰਸੀਪਲ ਦਿਆਲ ਸਿੰਘ, ਪ੍ਰਿੰਸੀਪਲ ਪਰਵੀਨ ਕੁਮਾਰ ਮਨਚੰਦਾ, ਤਰਕਸ਼ੀਲ ਆਗੂਆਂ ਸੁਰਿੰਦਰਪਾਲ ਉਪਲੀ, ਗੁਰਦੀਪ ਸਿੰਘ ਲਹਿਰਾ, ਪ੍ਰਗਟ ਬਾਲੀਆਂ, ਸੁਖਦੇਵ ਸਿੰਘ ਕਿਸ਼ਨਗੜ੍ਹ ਤੇ ਰਣਜੀਤ ਸਿੰਘ ਨੇ ਅਹਿਮ ਭੂਮਿਕਾ ਨਿਭਾਈ।