ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੂਨ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ। ਕੋਠੀ ਅੱਗੇ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਵਿਦਿਆਰਥੀਆਂ ਨੇ ਪੰਜਾਬ ਸਰਕਾਰ ’ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਾਇਆ।
ਵਿਦਿਆਰਥੀ ਪਟਿਆ ਰੋਡ ਸਥਿਤ ਵੇਰਵਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਤੱਕ ਪੁੱਜੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ੍ਹ ਅਤੇ ਵਿਦਿਆਰਥੀ ਆਗੂ ਬਲਵਿੰਦਰ ਸਿੰਘ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਹੱਥਾਂ ਵਿੱਚ ਲੈਣ ਲਈ ਸਾਜ਼ਿਸ਼ਾਂ ਰਚ ਰਹੀ ਹੈ ਪਰ ਪੰਜਾਬ ਸਰਕਾਰ, ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਸਿਰਫ ਟਵੀਟ ਜਾਂ ਬਿਆਨ ਦੇ ਕੇ ਬੁੱਤਾ ਸਾਰ ਰਹੀ ਹੈ। ਪੰਜਾਬ ਸਰਕਾਰ ਦੇ ਇਸ ਵਿਵਹਾਰ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਦੇ ਨਾਂ ਮੰਗ ਪੱਤਰ ਡਿਊਟੀ ਮੈਜਿਸਟ੍ਰੇਟ ਨੂੰ ਸੌਂਪਿਆ ਗਿਆ।
ਵਿਦਿਆਰਥੀ ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਸਲੇ ’ਤੇ ਮੁੱਖ ਮੰਤਰੀ ਪੰਜਾਬ ਬਿਆਨ ਜਾਰੀ ਕਰਨ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਹਕੂਮਤ ਦੇ ਹੱਥਾਂ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਭਰੋਸਾ ਦੇਣ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਮੇਤ ਪੰਜਾਬ ਦੇ ਸਭਨਾਂ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਬਣਦੀਆਂ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਚੁੱਕੇ, ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿੱਖਿਆ ਦੇ ਬਜਟ ਵਿੱਚ ਵਾਧਾ ਕੀਤਾ ਜਾਵੇ ਅਤੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾ ਕੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ।
ਇਸ ਮੌਕੇ ਰਮਨ ਸਿੰਘ ਕਾਲਾਝਾੜ, ਸੁਖਚੈਨ ਸਿੰਘ ਪੁੰਨਾਵਾਲ, ਪੁਸ਼ਪਿੰਦਰ ਕੌਰ, ਅਵੀ ਸਹੋਤਾ, ਬਲਜਿੰਦਰ ਕੌਰ, ਰਾਜਿੰਦਰ ਕੌਰ, ਬੰਟੀ ਕਹੇਰੂ, ਹੈਪੀ ਸਾਧਨਵਾਸ, ਜਗਜੀਤ ਸਾਧਨਵਾਸ, ਕੁਲਦੀਪ ਮਕੋਰੜ, ਜੱਸੀ ਚਾਂਦਪੁਰਾ ਤੇ ਪਰਦੀਪ ਮੂਨਕ ਆਦਿ ਹਾਜ਼ਰ ਸਨ। ਇਸ ਮੌਕੇ 9 ਵਿਦਿਆਰਥੀਆਂ ਵੱਲੋਂ 20 ਜੂਨ ਨੂੰ ਮੁੱਖ ਮੰਤਰੀ ਦੇ ਸ਼ਹਿਰ ’ਚ ਰੈਲੀ ਅਤੇ ਭਾਜਪਾ ਦੇ ਚੋਣ ਦਫ਼ਤਰ ਦੇ ਘਿਰਾਓ ਦੇ ਉਲੀਕੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।