ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਜੂਨ
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਨਗਰ ਕੌਂਸਲ ਦੇ ਦਫਤਰ ਅੱਗੇ ਸਫਾਈ ਕਾਮਿਆਂ ਵੱਲੋਂ 24ਵੇਂ ਦਿਨ ਵੀ ਹੜਤਾਲ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੀ ਪ੍ਰਧਾਨ ਗਰਮੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ 9 ਜੂਨ ਨੂੰ ਪਟਿਆਲਾ ਵਿੱਚ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਘਰਾਓ ਕੀਤਾ ਜਾਵੇਗਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਸਫਾਈ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਇਥੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਲਈ ਦਿੱਤਾ ਜਾ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਅੱਜ 24ਵੇਂ ਦਿਨ ’ਚ ਦਾਖਲ ਹੋ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸਫਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਗਿਆਨ ਸਿੰਘ, ਸੁਖਵਿੰਦਰ ਹੈਪੀ ਸਿੰਘ ਅਤੇ ਜਥੇਬੰਦੀ ਦੇ ਬੁਲਾਰੇ ਬਾਬੂ ਰਾਮ ਨੇ ਕਿਹਾ ਕਿ ਪਟਿਆਲਾ ’ਚ 9 ਜੂਨ ਨੂੰ ਕੀਤੇ ਜਾਣ ਵਾਲੇ ਮੁੱਖ ਮੰਤਰੀ ਦੇ ਮੋਤੀ ਮਹਿਲ ਦੇ ਘਿਰਾਓ ਲਈ ਰਣਨੀਤੀ ਬਣਾਉਂਦੇ ਦਸ ਵਾਲੰਟੀਅਰਾਂ ਦੀ ਚੋਣ ਕੀਤੀ ਗਈ ਜਿਹੜੇ ਜਥੇਬੰਦੀ ਦੇ ਹਿਰਾਵਲ ਦਸਤੇ ਵਜੋਂ ਅੱਗੇ ਜਾ ਕੇ ਪ੍ਰਸ਼ਾਸਨ ਦੇ ਬੈਰੀਕੇਡ ਹਟਾਉਣਗੇ।
ਹੜਤਾਲ ’ਚ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਪਹੁੰਚੇ
ਸੰਗਰੂਰ (ਪੱਤਰ ਪ੍ਰੇਰਕ) ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚਲ ਰਹੀ ਸਫ਼ਾਈ ਕਰਮੀਆਂ ਦੀ ਹੜਤਾਲ ‘ਚ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸਮੇਂ ਸਿੰਘ ਬਿਰਲਾ ਪਹੁੰਚੇ। ਇਸ ਸਮੇਂ ਉਨ੍ਹਾਂ ਨਾਲ ਦਲਿਤ ਵੈੱਲਫ਼ੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵੀ ਸਨ| ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਜੇ ਬੇਦੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਨੇ ਉਨ੍ਹਾਂ ਵੱਲ ਜ਼ਰਾ ਵੀ ਧਿਆਨ ਨਹੀਂ ਦਿੱਤਾ| ਇਸ ਦੌਰਾਨ ਸਫ਼ਾਈ ਕਰਮੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਮੇਂ ਸਿੰਘ ਬਿਰਲਾ ਨੇ ਕਿਹਾ ਕਿ ਸਫ਼ਾਈ ਕਰਮੀ ਸਰਕਾਰ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀਆਂ ਮੰਗਾਂ ਨੂੰ ਕੈਪਟਨ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਸੇ ਸਿਲਸਿਲੇ ਸਬੰਧੀ ਉਹ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸੁਰੇਸ਼ ਕੁਮਾਰ ਨੂੰ ਵੀ ਮਿਲੇ ਸਨ| ਸ੍ਰੀ ਬਿਰਲਾ ਨੇ ਸਫ਼ਾਈ ਕਰਮੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁਲਾਕਾਤ ਕਰਕੇ ਮੰਗਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ|