ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 17 ਜੁਲਾਈ
ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਣ ਦੀ ਚੇਟਕ ਲਗਾਉਣ ਲਈ ਵੱਖ-ਵੱਖ ਪਿੰਡਾਂ-ਸ਼ਹਿਰਾਂ ਦੀਆਂ ਜਨਤਕ ਥਾਵਾਂ ਤੇ ਕਿਤਾਬਾਂ ਦੀਆਂ ਸਟਾਲਾਂ ਲਗਾ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਕਿਤਾਬਾਂ ਦੇ ‘ਲਾਇਬ੍ਰੇਰੀ ਲੰਗਰ’ ਲਗਾਏ ਗਏ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਕਿਤਾਬਾਂ ਵੰਡੀਆਂ ਗਈਆਂ। ਜ਼ਿਲ੍ਹਾ ਮੈਂਟਰ ਸ਼ਸ਼ੀ ਬਾਲਾ ਅਤੇ ਬਲਾਕ ਮੈਂਟਰ ਰਾਜ ਕੁਮਾਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਹਰ ਬੱਚੇ ਦੇ ਹੱਥ ਵਿੱਚ ਕਿਤਾਬ ਪਹੁੰਚਾਉਣ ਦੇ ਉਦੇਸ਼ ਨਾਲ਼ ਲਾਇਬ੍ਰੇਰੀ ਲੰਗਰ ਦੀ ਮੁਹਿੰਮ ਅਰੰਭ ਕੀਤੀ ਗਈ ਹੈ ਤਾਂ ਕਿ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਹੋ ਸਕੇ ਅਤੇ ਵਿਦਿਆਰਥੀਆਂ ਨੂੰ ਚੰਗੇ ਸਾਹਿਤ ਨਾਲ ਜੋੜਿਆ ਜਾ ਸਕੇ।
ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਸਰਕਾਰੀ ਮਿਡਲ ਸਕੂਲ ਮੋਰਾਂਵਾਲੀ ਵਿੱਚ ਪੁਸਤਕਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਪਿੰਡ ਦੇ ਬੱਚਿਆਂ ਨੇ ਕਿਤਾਬਾਂ ਜਾਰੀ ਕਰਵਾਈਆਂ। ਸਕੂਲ ਮੁਖੀ ਸ਼ੀਲਾ ਰਾਣੀ ਅਤੇ ਲਾਇਬ੍ਰੇਰੀ ਇੰਚਾਰਜ ਦਵਿੰਦਰ ਸਿੰਘ , ਸਕੂਲ ਦੀ ਮੈਨੇਜਮੇਂਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਕੌਰ ਤੋਂ ਇਲਾਵਾ ਰੀਤੂ ਬਾਲਾ, ਸਰੋਜ ਸਿੰਗਲਾ, ਰਜਿੰਦਰ ਕੌਰ, ਸੁਮਨ ਰਾਣੀ, ਮੀਨੂੰ ਗੁਪਤਾ ਅਤੇ ਸ਼ਾਕਸ਼ੀ ਗੁਪਤਾ ਵੀ ਮੌਜੂਦ ਸਨ।
ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਾਂ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਦੇਖ-ਰੇਖ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ।
ਲਹਿਰਾਗਾਗਾ (ਪੱਤਰ ਪ੍ਰੇਰਕ): ਨੇੜਲੇ ਪਿੰਡ ਗੋਬਿੰਦਗੜ੍ਹ ਖੋਖਰ ਦੇ ਸਰਕਾਰੀ ਸੀਨੀਅਰ ਸਮਾਰਟ ਸਕੂਲ ’ਚ ਪ੍ਰਿੰਸੀਪਲ ਇਕਬਾਲ ਸਿੰਘ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਸ਼ਬਦ ਲੰਗਰ ਲਾਇਆ ਗਿਆ। ਸਕੂਲ ਲਾਇਬ੍ਰੇਰੀ ਦੇ ਇੰਚਾਰਜ ਮਾਸਟਰ ਪ੍ਰੇਮ ਸਰੂਪ ਛਾਜਲੀ ਨੇ ਦੱਸਿਆ ਕਿ ਅਜਿਹੇ ਕਦਮ ਨਾਲ ਵਿਦਿਆਰਥੀ ਸਾਹਿਤ ਨਾਲ ਜੁੜਨਗੇ।