ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਅਕਤੂਬਰ
ਪਿੰਡ ਉੱਭਾਵਾਲ ਦੇ ਇੱਕ ਖੇਤ ਵਿਚ ਪਰਾਲੀ ਸਾੜਨ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਮੌਕੇ ’ਤੇ ਪੁੱਜੇ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਫਲਾਇੰਗ ਸਕੂਐਡ ਦੀਆਂ ਟੀਮਾਂ ਰਾਹੀਂ ਪਰਾਲੀ ਨੂੰ ਲੱਗੀ ਅੱਗ ਬੁਝਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਵੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਖੇਤ ਵਿੱਚ ਪੁੱਜ ਗਏ ਸਨ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਅੱਜ ਜਿਵੇਂ ਹੀ ਇਸ ਖੇਤ ਵਿੱਚ ਪਰਾਲੀ ਨੂੰ ਸਾੜਨ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਰਾਹੀਂ ਪਿੰਡ ਦੇ ਗੁਰਦੁਆਰਾ ਸਾਹਿਬ ਰਾਹੀਂ ਮੁਨਾਦੀ ਕਰਵਾਈ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕਰਦਿਆਂ ਅੱਗ ਬੁਝਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਫਸਲਾਂ ਦੀ ਰਹਿੰਦ ਖੂਹਦ ਨੂੰ ਸਾੜਨ ਤੋਂ ਰੋਕਣ ਬਾਰੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਪਰ ਫਿਰ ਵੀ ਕੁਝ ਥਾਵਾਂ ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ’ਤੇ ਫੌਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਅਸਫਲ ਸਾਬਤ ਹੋਣ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਵੀ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਹੁਣ ਤੱਕ ਪਰਾਲੀ ਸਾੜਨ ਨੂੰ ਠੱਲ੍ਹ ਪਾਉਣ ’ਚ ਅਸਫਲ ਰਹੇ 8 ਮੁਅੱਤਲ , 3 ਅਫ਼ਸਰਾਂ ਤੇ 3 ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਵਾਲੇ 34 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਦਰਜ ਕੀਤਾ ਗਿਆ ਹੈ।