ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 15 ਅਕਤੂਬਰ
ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਵਫ਼ਦ ਨੇ ਕਿਸਾਨੀ ਮਸਲਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੇ ਨਾਂ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੂੰ ਮੰਗ ਪੱਤਰ ਸੌਂਪਿਆ। ਯੂਨੀਅਨ ਦੇ ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਦੁੱਗਰੀ ਅਤੇ ਸੁਰਜੀਤ ਸਿੰਘ ਜੱਟੂਆਂ ਨੇ ਕਿਹਾ ਕਿ ਪਸ਼ੂਆਂ ਦੀ ਲੰਪੀ ਸਕਿੱਨ ਬਿਮਾਰੀ ਕਾਰਨ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਕਾਫੀ ਅਰਥਿਕ ਨੁਕਸਾਨ ਹੋਇਆ ਹੈ। ਇਸ ਸਬੰਧੀ ਪਿੰਡਾਂ ਵਿੱਚ ਸਰਵੇਖਣ ਕਰਕੇ ਪ੍ਰਭਾਵਿਤ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਉਚਿੱਤ ਮੁਆਵਜ਼ਾ ਦਿੱਤਾ ਜਾਵੇ, ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣ ਰਹੇ ਸਰਹਿੰਦ-ਸਹਿਣਾ ਐਕਸਪ੍ਰੈੱਸਵੇਅ ਸਬੰਧੀ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀ ਗਈ ਕਿਸਾਨ ਕਰਜ਼ਾ ਮੁਆਫ਼ੀ ਦੀ ਸੂਚੀ ਵਿੱਚ ਆਉਣ ਦੇ ਬਾਵਜੂਦ ਬਹੁਤ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ, ਕਰਜ਼ਾ ਮੁਆਫ਼ੀ ਦੇ ਦਾਇਰੇ ਵਿੱਚ ਆਉਂਦੇ ਸਾਰੇ ਕਿਸਾਨਾਂ ਦਾ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ, ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪਿੰਡ ਬਾਠਾਂ ਦੇ ਕਿਸਾਨ ਕਰਨੈਲ ਸਿੰਘ ਦੇ ਵਾਰਸਾਂ ਨੂੰ ਐਲਾਨ ਮੁਤਾਬਕ ਬਣਦਾ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ।