ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 6 ਸਤੰਬਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੇ ਇੱਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਸ਼ਬੀਰ ਖ਼ਾਂ ਦੀ ਅਗਵਾਈ ਵਿੱਚ ਫ਼ਰੰਟ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ) ਰਾਹੀਂ ਸਿੱਖਿਆ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਵਫ਼ਦ ਦੇ ਆਗੂ ਸ਼ਬੀਰ ਖ਼ਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਵੱਲ ਤਵੱਜੋ ਨਹੀਂ ਦਿੱਤੀ ਜਾ ਰਹੀ, ਜਿਸ ਕਰਕੇ ਅਧਿਆਪਕ ਵਰਗ ਵਿੱਚ ਸਰਕਾਰ ਪ੍ਰਤੀ ਰੋਸ ਹੈ। ਉਨ੍ਹਾਂ ਕਿਹਾ ਕਿ ਫ਼ਰੰਟ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵੀਂ ਪੈਨਸ਼ਨ ਸਕੀਮ, ਯੂਨੀਫਾਇਡ ਪੈਨਸ਼ਨ ਸਕੀਮ ਅਤੇ ਹੋਰ ਮੌਜੂਦਾ ਪੈਨਸ਼ਨ ਸਕੀਮਾਂ ਚੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਹਰੇਕ ਕਾਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ, ਹਰ ਇੱਕ ਅਧਿਆਪਕ ਨੂੰ ਬਦਲੀ ਦਾ ਹੱਕ ਦਿੰਦਿਆਂ ਪਾਰਦਰਸ਼ੀ ਢੰਗ ਨਾਲ ਬਦਲੀਆਂ ਕੀਤੀਆਂ ਜਾਣਾ ਦੂਰ-ਦੁਰਾਡੇ ਸਰਹੱਦੀ ਜ਼ਿਲ੍ਹਿਆਂ ਵਿੱਚ ਨੌਕਰੀ ਕਰਦੇ ਅਧਿਆਪਕਾਂ ਨੂੰ ਪਹਿਲ ਦੇ ਅਧਾਰ ’ਤੇ ਬਦਲੀ ਦਾ ਮੌਕਾ ਦਿੱਤਾ ਜਾਵੇ, ਕੰਪਿਊਟਰ ਅਧਿਆਪਕਾਂ ਅਤੇ ਕੱਚੇ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਵਫ਼ਦ ਵਿੱਚ ਬੇਅੰਤ ਸਿੰਘ, ਲਜਿੰਦਰ ਸਿੰਘ, ਨਰਿੰਦਰ ਸਿੰਘ ,ਵਿਨੋਦ ਕੁਮਾਰ ਆਦਿ ਸ਼ਾਮਲ ਸਨ।