ਨਿਜੀ ਪੱਤਰ ਪ੍ਰੇਰਕ
ਸੰਗਰੂਰ, 20 ਮਾਰਚ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਅੱਜ ਕਣਕ ਦੀ ਖਰੀਦ ’ਤੇ ਲਗਾਈਆਂ ਬੇਲੋੜੀਆਂ ਸ਼ਰਤਾਂ ਦਾ ਮੁੱਦਾ ਛਾਇਆ ਰਿਹਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਜਾਣਬੁੱਝ ਕੇ ਸਾਜਿਸ਼ ਤਹਿਤ ਕਣਕ ਦੀ ਖਰੀਦ ਵਿਚ ਅੜਿੱਕੇ ਪਾ ਰਹੀ ਹੈ ਤਾਂ ਜੋ ਕਿਸਾਨ ਸੰਘਰਸ਼ ਤੋਂ ਪਿੱਛੇ ਹਟ ਜਾਣ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਕੇਂਦਰ ਸਰਕਾਰ ਦੇ ਅਜਿਹੇ ਮਾਰੂ ਫੈਸਲਿਆਂ ਅੱਗੇ ਕਿਸਾਨ ਨਹੀਂ ਝੁਕਣਗੇ।
ਸਥਾਨਕ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਵਲੋਂ ਚੱਲ ਰਹੇ ਪੱਕੇ ਮੋਰਚੇ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਰੰਜਣ ਸਿੰਘ ਦੋਹਲਾ, ਹਰਮੇਲ ਸਿੰਘ ਮਹਿਰੋਕ, ਇੰਦਰਪਾਲ ਸਿੰਘ ਪੁੰਨਾਂਵਾਲ, ਜਰਨੈਲ ਸਿੰਘ ਜਹਾਂਗੀਰ, ਸੁਖਦੇਵ ਸਿੰਘ ਉਭਾਵਾਲ, ਰਾਮ ਸਿੰਘ ਸੋਹੀਆਂ ਆਦਿ ਨੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਲਾਹੁਣ ਲਈ ਕੇਂਦਰ ਸਰਕਾਰ ਵਲੋਂ ਤਰਾਂ ਤਰਾਂ ਦੇ ਹਥਕੰਡੇ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਦੇਸ਼ਧ੍ਰੋਹੀ, ਖਾਲਿਸਤਾਨੀ, ਵੱਖਵਾਦੀ ਪਤਾ ਨਹੀਂ ਕਿਹੜੇ ਕਿਹੜੇ ਨਾਮ ਦੇ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਜਦੋਂ ਅਜਿਹੇ ਪੈਂਤੜੇ ਸਫ਼ਲ ਨਾ ਹੋਏ ਤਾਂ ਕਿਸਾਨਾਂ ਨੂੰ ਝੂਠੇ ਕੇਸ ਪਾ ਕੇ ਜੇਲ੍ਹੀਂ ਸੁੱਟਿਆ ਗਿਆ। ਹੁਣ ਤੱਕ ਦੇ ਜਬਰ ਅੱਗੇ ਕਿਸਾਨ ਟੱਸ ਤੋਂ ਮੱਸ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਕਣਕ ਦਾ ਸੀਜ਼ਨ ਸਿਰ ’ਤੇ ਆਉਣ ਕਾਰਨ ਕੇਂਦਰ ਸਰਕਾਰ ਵਲੋਂ ਖਰੀਦ ’ਤੇ ਬੇਲੋੜੀਆਂ ਸ਼ਰਤਾਂ ਥੋਪ ਦਿੱਤੀਆਂ ਹਨ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸਾਨ ਅੰਦੋਲਨ ’ਤੇ ਇੱਕ ਹੋਰ ਵੱਡਾ ਹਮਲਾ ਹੈ ਜਿਸਨੂੰ ਕਿਸਾਨ ਕਿਸੇ ਵੀ ਹਾਲਤ ਵਿਚ ਸਫ਼ਲ ਨਹੀਂ ਹੋਣ ਦੇਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਆੜ੍ਹਤੀਆਂ ਦੀ ਬਜਾਏ ਕਿਸਾਨਾਂ ਦੇ ਖਾਤਿਆਂ ਵਿਚ ਜਿਨਸਾਂ ਦੀ ਸਿੱਧੀ ਅਦਾਇਗੀ ਕਰਨ, ਕਣਕ ਦੀ ਵਿਕਰੀ ਮੌਕੇ ਜ਼ਮੀਨ ਦੀਆਂ ਫਰਦਾਂ ਵਿਖਾਉਣ ਅਤੇ ਹੋਰ ਅਜਿਹੀਆਂ ਸ਼ਰਤਾਂ ਕਿਸਾਨ ਵਿਰੋਧੀ ਹਨ। ਅਜਿਹਾ ਕਰਕੇ ਸਰਕਾਰ ਜਿਥੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਕੇ ਸੰਘਰਸ਼ ਨੂੰ ਲੀਹ ਤੋਂ ਲਾਹੁਣਾ ਚਾਹੁੰਦੀ ਹੈ, ਉਥੇ ਹੀ ਕਿਸਾਨਾਂ ਅਤੇ ਆੜ੍ਹਤੀਆਂ ਦੀ ਆਪਸੀ ਦਹਾਕਿਆਂ ਪੁਰਾਣੀ ਸਾਂਝ ਨੂੰ ਤੋੜਨਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਨਾਲ ਨਾਲ ਅਜਿਹੇ ਕਿਸਾਨ ਵਿਰੋਧੀ ਫੈਸਲਿਆਂ ਦਾ ਵੀ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਕਿਸੇ ਵੀ ਹਾਲਤ ਵਿਚ ਇਨ੍ਹਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਦਲਬਾਰਾ ਸਿੰਘ ਨਾਗਰਾ, ਮਹਿੰਦਰ ਸਿੰਘ ਭੱਠਲ, ਕੁਲਦੀਪ ਸਿੰਘ, ਦਰਸ਼ਨ ਸਿੰਘ ਮਹਿਰੋਕ ਆਦਿ ਨੇ ਵੀ ਇਸ ਮੌਕੇ ਸੰਬੋਧਨ ਕੀਤਾ।