ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਸਤੰਬਰ
ਮਲਟੀਪਰਪਜ਼ ਹੈਲਥ ਐਂਪਲਾਈਜ਼ ਮੇਲ-ਫੀਮੇਲ ਯੂਨੀਅਨ ਦੇ ਜ਼ਿਲ੍ਹਾ ਵਫ਼ਦ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਜਥੇਬੰਦੀ ਨਾਲ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਸਬੰਧੀ ਵਿਭਾਗ ਦੇ ਸਕੱਤਰ ਅਤੇ ਡਾਇਰੈਕਟਰ ਦੇ ਨਾਂ ਸਿਵਲ ਸਰਜਨ ਨੂੰ ਯਾਦ ਪੱਤਰ ਸੌਂਪਿਆ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਗੰਢੂਆਂ ਨੇ ਕਿਹਾ ਕਿ ਬੀਤੀ 14 ਸਤੰਬਰ ਨੂੰ ਜਥੇਬੰਦੀ ਨਾਲ ਮੀਟਿੰਗ ਦੌਰਾਨ ਸਿਹਤ ਮੰਤਰੀ ਵਲੋਂ ਕਾਫ਼ੀ ਮੰਗਾਂ ਦੇ ਹੱਲ ਲਈ ਸਹਿਮਤੀ ਬਣੀ ਸੀ। ਇਨ੍ਹਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ ਸਿਹਤ ਸਕੱਤਰ ਅਤੇ ਸਿਹਤ ਡਾਇਰੈਕਟਰ ਦੇ ਨਾਂ ਯਾਦ ਪੱਤਰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਮੰਨੀਆਂ ਨਹੀਂ ਗਈਆਂ ਉਨ੍ਹਾਂ ਨੂੰ ਲਾਗੂ ਕਰਾਉਣ ਲਈ ਜਥੇਬੰਦੀ ਲਗਾਤਾਰ ਸੰਘਰਸ਼ ਕਰ ਰਹੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਹ ਯਾਦ ਪੱਤਰ ਵਿਭਾਗ ਦੇ ਉੋਚ ਅਧਿਕਾਰੀਆਂ ਨੂੰ ਭੇਜੇ ਜਾਣਗੇ। ਇਸ ਮੌਕੇ ਜ਼ਿਲ੍ਹਾ ਆਗੂ ਦਲਜੀਤ ਸਿੰਘ ਢਿਲੋਂ, ਜਸਵਿੰਦਰ ਸਿੰਘ ਪ੍ਰਧਾਨ ਬਲਾਕ ਮੂਨਕ, ਗੁਰਪ੍ਰੀਤ ਸਿੰਘ ਗੁੱਜਰਾਂ ਪ੍ਰਧਾਨ ਬਲਾਕ ਕੌਹਰੀਆਂ, ਰਵਿੰਦਰ ਸ਼ਰਮਾ ਪ੍ਰਧਾਨ ਬਲਾਕ ਲੌਂਗੋਵਾਲ, ਮਨਜਿੰਦਰ ਸਿੰਘ, ਗੁਰਸੇਵਕ ਸਿੰਘ ਸੰਗਤੀਵਾਲਾ ਮੌਜੂਦ ਸਨ।