ਪੱਤਰ ਪ੍ਰੇਰਕ
ਸੰਗਰੂਰ, 8 ਅਕਤੂਬਰ
ਆਲ ਇੰਡੀਆ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਸੈਂਕੜੇ ਪੈਨਸ਼ਨਰਾਂ ਵੱਲੋਂ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਅਰਜਨ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਕੁਮਾਰ ਬਾਲੀਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੰਗਾਂ ਸਬੰਧੀ ਸਰਕਾਰ ਦੀ ਟਾਲ ਮਟੋਲ ਅਤੇ ਡੰਗ ਟਪਾਊ ਵਾਲੀ ਨੀਤੀ ਵਿਰੁੱਧ ਰੋਸ ਮੁਜ਼ਾਹਰਾ ਕਰਦਿਆਂ ਸੂਬਾ ਸਰਕਾਰ ਦੀ ਅਰਥੀ ਫੂਕੀ|
ਇਸ ਮੌਕੇ ਸਰਪ੍ਰਸਤ ਜਗਦੀਸ਼ ਸ਼ਰਮਾ, ਸੁਰਿੰਦਰ ਕੁਮਾਰ ਬਾਲੀਆਂ, ਬਿੱਕਰ ਸਿੰਘ, ਸ਼ਿਵ ਕੁਮਾਰ ਅਤੇ ਬਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿੱਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਪੈਨਸ਼ਨਰਾਂ ਦੀਆਂ ਹੋਈਆਂ ਕਈ ਮੀਟਿੰਗਾਂ ਬੇਸਿੱਟਾ ਰਹੀਆਂ ਹਨ| ਆਗੂਆਂ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 2.59 ਗੁਣਾਂਕ ਨਾ ਦੇਣ, 1 ਜਨਵਰੀ 2016 ਤੋਂ ਬਾਅਦ ਸਾਢੇ ਪੰਜ ਸਾਲ ਦਾ ਬਕਾਇਆ ਨਾ ਦੇਣ ਤੇ ਡੀ.ਏ. ਦੀਆਂ ਰਹਿੰਦੀਆਂ ਦਸ ਕਿਸ਼ਤਾਂ ਨੂੰ ਵੱਟੇ ਖਾਤੇ ਪਾਉਣ ਤੋਂ ਸਰਕਾਰ ਦੀ ਬਦਨੀਤੀ ਸਾਫ਼ ਦਿਖਾਈ ਦਿੰਦੀ ਹੈ ਜਿਸ ਕਰਕੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ| ਆਗੂਆਂ ਨੇ ਕਿਹਾ ਕਿ ਗੰਭੀਰ ਬਿਮਾਰੀ ਦੇ ਮਰੀਜ਼ਾਂ ਦੇ ਮੈਡੀਕਲ ਬਿੱਲਾਂ ਦੀ ਪ੍ਰਤੀ ਪੂਰਤੀ ਇੱਕ ਸਾਲ ਤੋਂ ਵੱਧ ਸਮੇਂ ਤੋਂ ਪੁਲੀਸ ਵਿਭਾਗ ਚੰਡੀਗੜ੍ਹ, ਸਿੱਖਿਆ ਅਤੇ ਸਿਹਤ ਵਿਭਾਗਾਂ ਦੇ ਡਾਇਰੈਕਟਰ ਪੱਧਰ ਦੇ ਦਫ਼ਤਰਾਂ ‘ਚ ਲਮਕ ਰਹੀ ਹੈ, ਜਿਸ ਕਰਕੇ ਪੈਨਸ਼ਨਰ ਪ੍ਰੇਸ਼ਾਨ ਹਨ| ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਸਰਕਾਰ ਵੱਲੋਂ 31 ਅਕਤੂਬਰ ਤੱਕ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਮੁਲਾਜ਼ਮ/ਪੈਨਸ਼ਨਰ ਸਾਂਝੇ ਫਰੰਟ ਦੀ ਅਗਵਾਈ ਹੇਠ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ| ਇਸ ਮੌਕੇ ਕਰਨੈਲ ਸਿੰਘ, ਸਤਪਾਲ ਕਲਸੀ, ਬਲਵੀਰ ਸਿੰਘ ਰਤਨ, ਜਗਦੇਵ ਸਿੰਘ, ਕੁਲਵੰਤ ਸਿੰਘ, ਰਾਮ ਲਾਲ ਸ਼ਰਮਾ, ਮੰਗ ਰਾਣਾ, ਤਾਰਾ ਸਿੰਘ, ਨਾਨਕ ਸਿੰਘ ਹਾਜ਼ਰ ਸਨ |