ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਸਤੰਬਰ
ਬਾਲੀਆਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਕਥਿਤ ਤੌਰ ’ਤੇ ਅੰਦਰਖਾਤੇ ਸਿਰਫ਼ ਕਾਗਜ਼ਾਂ ’ਚ ਹੋਈ ਚੋਣ ਦਾ ਮਾਮਲਾ ਤੀਜੇ ਵੀ ਭਖਿਆ ਰਿਹਾ। ਅੱਜ ਪਿੰਡ ਬਾਲੀਆਂ, ਰੂਪਾਹੇੜੀ ਅਤੇ ਲੱਡੀ ਦੇ ਸੈਂਕੜੇ ਲੋਕਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਹਿਰ ਪੁੱਜ ਕੇ ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ। ਰੋਸ ਧਰਨੇ ’ਚ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਧਰਨੇ ਕਾਰਨ ਪਟਿਆਲਾ ਗੇਟ ਮੁੱਖ ਬਾਜ਼ਾਰ ਵਿਚ ਸਾਰਾ ਦਿਨ ਆਵਾਜਾਈ ਠੱਪ ਰਹੀ। ਉੱਧਰ ਡਿਪਟੀ ਕਮਿਸ਼ਨਰ ਵੱਲੋਂ ਐਸਡੀਐਮ ਸੰਗਰੂਰ ਨੂੰ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪਿੰਡ ਬਾਲੀਆਂ ਦੇ ਸਰਪੰਚ ਹਰਜੀਤ ਸਿੰਘ ਬਾਲੀਆਂ, ਕੇਵਲ ਸਿੰਘ ਬਾਲੀਆਂ, ਕਿਸਾਨ ਆਗੂ ਬਿੰਦਰ ਸਿੰਘ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਗੁਰਵਿੰਦਰ ਸਿੰਘ ਅਤੇ ਅਮਰੀਕ ਸਿੰਘ ਨੇ ਕਿਹਾ ਕਿ ਸੁਸਾਇਟੀ ਦੇ ਕਰੀਬ 1100 ਮੈਂਬਰ ਹਨ ਜੋ ਆਪਣੇ ਵੋਟ ਦੇ ਅਧਿਕਾਰ ਨਾਲ ਅਹੁਦੇਦਾਰਾਂ ਦੀ ਚੋਣ ਕਰਦੇ ਹਨ ਪਰ ਇਸ ਵਾਰ ਚੋਣ ਕਰਵਾਈ ਹੀ ਨਹੀਂ ਗਈ ਸਗੋਂ ਸਹਿਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਸਿਆਸੀ ਮਿਲੀਭੁਗਤ ਨਾਲ ਨਿਯਮਾਂ ਨੂੰ ਛਿੱਕੇ ਟੰਗ ਕਥਿਤ ਤੌਰ ’ਤੇ ਅੰਦਰਖਾਤੇ ਹੀ ਅਹੁਦੇਦਾਰ ਚੁਣ ਕੇ ਲੋਕਾਂ ’ਤੇ ਥੋਪ ਦਿੱਤੇ ਜਿਸ ਨੂੰ ਕਿਸੇ ਵੀ ਹਾਲਤ ਵਿਚ ਮਨਜ਼ੂਰ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਗੱਜਣ ਸਿੰਘ ਲੱਡੀ ਨੇ ਕਿਹਾ ਕਿ ਅਜਿਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਇੱਕਜੁੱਟ ਹੋ ਕੇ ਹੰਭਲਾ ਮਾਰਨਾ ਪਵੇਗਾ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਕਿਹਾ ਕਿ ਸੁਸਾਇਟੀ ਦੇ ਮੈਂਬਰ ਕਿਸਾਨਾਂ ਨੂੰ ਆਪਣੇ ਅਹੁਦੇਦਾਰ ਚੁਣਨ ਦਾ ਅਧਿਕਾਰ ਹੈ ਪਰ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡੀਸੀ ਵੱਲੋਂ ਐੱਸਡੀਐੱਮ ਨੂੰ ਜਾਂਚ ਦੇ ਹੁਕਮ
ਸ਼ਾਮ ਨੂੰ ਐਕਸ਼ਨ ਕਮੇਟੀ ਦੇ ਵਫ਼ਦ ਦੀ ਡਿਪਟੀ ਕਮਿਸ਼ਨਰ ਰਾਮਵੀਰ ਨਾਲ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਐੱਸਡੀਐੱਮ ਸੰਗਰੂਰ ਨੂੰ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਵਫ਼ਦ ’ਚ ਸ਼ਾਮਲ ਕਿਸਾਨ ਆਗੂ ਗੋਬਿੰਦਰ ਸਿੰਘ ਮੰਗਵਾਲ ਅਤੇ ਕੇਵਲ ਸਿੰਘ ਬਾਲੀਆਂ ਅਨੁਸਾਰ ਡਿਪਟੀ ਕਮਿਸ਼ਨਰ ਨੇ ਸੋਮਵਾਰ ਤੱਕ ਜਾਂਚ ਮੁਕੰਮਲ ਕਰਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਮਗਰੋਂ ਏਆਰ ਦਫ਼ਤਰ ਅੱਗੇ ਲਾਇਆ ਧਰਨਾ ਖਤਮ ਕਰ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸੁਸਾਇਟੀ ਨੂੰ ਲਗਾਇਆ ਜਿੰਦਾ ਨਹੀਂ ਖੋਲ੍ਹਿਆ ਜਾਵੇਗਾ ਅਤੇ ਸੁਸਾਇਟੀ ਅੱਗੇ ਰੋਸ ਧਰਨਾ ਜਾਰੀ ਰਹੇਗਾ। ਜੇਕਰ ਸੋਮਵਾਰ ਤੱਕ ਇਨਸਾਫ਼ ਨਾ ਮਿਲਿਆ ਤਾਂ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।