ਪੱਤਰ ਪ੍ਰੇਰਕ
ਲਹਿਰਾਗਾਗਾ,14 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਖਿਲਾਫ ਬਲਾਕ ਭਰ ਦੇ ਪਿੰਡਾਂ ਅੰਦਰ ਬੀਕੇਯੂ ਕਾਰਕੁਨਾਂ ਵੱਲੋਂ ਨਾਅਰੇਬਾਜ਼ੀ ਕਰਕੇ ਅਰਥੀਆਂ ਸਾੜੀਆਂ ਗਈਆਂ। ਭਾਰਤੀ ਕਿਸਾਨ ਯੂਨੀਅਨ ਏਕਤਾ(ਉਗਰਾਹਾਂ) ਦੇ ਸੱਦੇ ’ਤੇ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਅੱਜ 30 ਤੋਂ ਵੱਧ ਪਿੰਡਾਂ ਵਿਚ ਵੱਡੇ ਇਕੱਠ ਕਰਕੇ ਰੋਸ ਵਜੋਂ ਨਾਅਰੇਬਾਜ਼ੀ ਕਰਦੇ ਹੋਏ ਮੋਦੀ ਅਤੇ ਉਸ ਦੇ ਸਾਥੀਆਂ ਦੇ ਪੁਤਲੇ ਸਾੜੇ ਗਏ। ਬਲਾਕ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਦੱਸਿਆ ਕਿ 16 ਫ਼ਰਵਰੀ ਨੂੰ ਐੱਸਡੀਐੱਮ ਦਫ਼ਤਰ ਅੱਗੇ ਤਕਰੀਬਨ ਇੱਕ ਵਜੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 17 ਫਰਵਰੀ ਦੀ ਬਰਨਾਲਾ ਲੋਕ ਕਲਿਆਣ ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਵਿਚ ਨੌਜਵਾਨ ਆਗੂ ਟੀਮਾਂ ਇਕਾਈਆਂ ਨਾਲ ਮਿਲ ਕੇ ਕਿਸਾਨਾਂ ਮਜ਼ਦੂਰਾਂ ਦੀ ਲਾਮਬੰਦੀ ਕਰ ਰਹੀਆਂ ਹਨ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ 34 ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਸ਼ਹੀਦ ਕਰਨ ਵਾਲੇ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਨੂੰ ਜ਼ਮਾਨਤ ਤੇ ਜੇਲ੍ਹ ਤੋਂ ਬਾਹਰ ਕੱਢਣ ਦੇ ਰੋਸ ਵਜੋਂ ਕਿਸਾਨ ਮੋਰਚੇ ਦੇ ਸੱਦੇ ਤੇ ਯੂਨੀਅਨ ਵੱਲੋਂ ਥਾਂ ਥਾਂ ਤੇ ਪੁਤਲੇ ਫੂਕੇ ਗਏ।
ਸਮਾਣਾ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਹਲਕਾ ਸਮਾਣਾ ਦੇ ਕਈ ਪਿੰਡਾਂ ਗਾਜੇਵਾਸ, ਢੈਂਠਲ, ਰਤਨਹੇੜੀ, ਅਸਮਾਨ ਪੁਰ ਆਦਿ ਵਿਚ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਕਿਸਾਨਾਂ ਨੇ ਵਾਅਦਾਖਿਲਾਫ਼ੀ ਕਾਰਨ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਗੁਰਨਾਮ ਸਿੰਘ ਢੈਂਠਲ, ਭਰਪੂਰ ਸਿੰਘ ਗਾਜੇਵਾਸ ਹਾਜ਼ਰ ਸਨ