ਪੱਤਰ ਪ੍ਰੇਰਕ
ਲਹਿਰਾਗਾਗਾ, 5 ਜੁਲਾਈ
ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਭਲਕੇ 6 ਜੁਲਾਈ ਤੋਂ ਕੰਮ ਬੰਦ ਕਰ ਕੇ ਹੜਤਾਲ ’ਤੇ ਚੱਲੇ ਜਾਣਗੇ। ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ। ਇਸ ਮੌਕੇ ਬੀਪੀਈਓ ਦਫ਼ਤਰ ਲਹਿਰਾਗਾਗਾ ਵਿੱਚ ਸਰਬ ਸਿੱਖਿਆ ਅਭਿਆਨ ਦਫ਼ਤਰ ਕਰਮਚਾਰੀ ਯੂਨੀਅਨ ਦੀ ਆਗੂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰੇਖਾ ਰਾਣੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮਗਰੋਂ ਗੱਲਬਾਤ ਕਰਦਿਆਂ ਓਂਕਾਰ ਸਿੰਘ, ਗੀਤਿਕਾ ਅਤੇ ਹੋਰਾਂ ਨੇ ਕਿਹਾ ਕਿ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਨਾਲ ਧੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਨਵੀਂ ‘ਆਪ’ ਸਰਕਾਰ ਨੌਂ ਮਹੀਨਿਆਂ ਤੋਂ ਪ੍ਰਚਾਰ ਕਰ ਰਹੀ ਹੈ ਪਰ ਸਚਾਈ ਹੈ ਕਿ ਉਹ ਕੱਚੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਿਨਾਂ ਤਨਖ਼ਾਹ ਸਕੇਲ, ਸੀਐਸਆਰ ਅਤੇ ਪੈਨਸ਼ਨਰੀ ਲਾਭਾਂ ਨੂੰ ਰੈਗੂਲਰ ਕਰਨ ਦੇ ਨਾਂ ’ਤੇ ਕੋਰਾ ਝੂਠ ਪ੍ਰਚਾਰਿਆ ਜਾ ਰਿਹਾ ਹੈ। ਇਸ ਕਾਰਨ ਸਮੂਹ ਕੱਚੇ ਮੁਲਾਜ਼ਮਾਂ ਵਿੱਚ ਰੋਸ ਹੈ ਅਤੇ ਸਿੱਖਿਆ ਵਿਭਾਗ ਦੇ ਮੁਲਾਜ਼ਮ 6 ਜੁਲਾਈ ਤੋਂ ਕੰਮ ਬੰਦ ਕਰ ਕੇ ਹੜਤਾਲ ’ਤੇ ਚਲੇ ਜਾਣਗੇ। ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਹੋਵੇਗੀ।