ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੂਨ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਇਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਮੁੱਖ ਰੱਖਦਿਆਂ ਪ੍ਰਸ਼ਾਸ਼ਨ ਦੀ ਹਦਾਇਤ ’ਤੇ ਪੁਲੀਸ ਨੇ ਡੀਈਓ ਦਫ਼ਤਰ ਦੇ ਮੁੱਖ ਗੇਟ ਨੂੰ ਅੰਦਰੋਂ ਬੰਦ ਕਰ ਦਿੱਤਾ ਸੀ ਤਾਂ ਜੋ ਅਧਿਆਪਕ ਦਫ਼ਤਰ ਦੇ ਕੰਪਲੈਕਸ ਵਿਚ ਧਰਨਾ ਨਾ ਲਗਾ ਸਕਣ। ਇਸ ਮਗਰੋਂ ਅਧਿਆਪਕਾਂ ਨੇ ਡੀਈਓ ਦਫ਼ਤਰ ਦੇ ਗੇਟ ਅੱਗੇ ਰੋਸ ਧਰਨਾ ਲਗਾ ਕੇ ਪ੍ਰਸ਼ਾਸਨ ਅਤੇ ਸਿੱਖਿਆ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਧਰਨੇ ਨੂੰ ਡੀਟੀਐੱਫ ਆਗੂ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ, ਗਗਨਦੀਪ ਧੂਰੀ, ਜਸਬੀਰ ਨਮੋਲ, ਸੰਦੀਪ ਤੁੰਗ, ਚੰਦਰ ਸ਼ੇਖਰ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਬਲਾਕ ਚੀਮਾ ਦੇ ਅਧਿਕਾਰੀ ਦੀਆਂ ਅਧਿਆਪਕ ਵਿਰੋਧੀ ਕਾਰਵਾਈਆਂ ਜਥੇਬੰਦੀ ਨੂੰ ਸੰਘਰਸ਼ ਲਈ ਮਜਬੂਰ ਕਰ ਰਹੀਆਂ ਹਨ ਅਤੇ ਡੀਈਓ ਐਲੀਮੈਂਟਰੀ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਡੀਈਓ ਵੱਲੋਂ 1 ਜੂਨ ਦੇ ਰੋਸ ਧਰਨੇ ਵਿਚ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਇੱਕ ਮਹੀਨਾ ਬੀਤਣ ਦੇ ਬਾਵਜੂਦ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਨਸਾਫ਼ ਦੇਣ ਦੀ ਬਜਾਏ ਜਥੇਬੰਦੀ ਦਾ ਹੀ ਅਕਸ ਖਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਦੇ ਧਿਆਨ ਵਿਚ ਸਾਰਾ ਮਾਮਲਾ ਲਿਆਉਣ ਦੇ ਬਾਵਜੂਦ ਮਸਲਾ ਹੱਲ ਕਰਾਉਣ ਦੀ ਬਜਾਏ ਉਲਟਾ ਪ੍ਰਸ਼ਾਸਨ ਨੇ ਅਧਿਆਪਕਾਂ ਦੇ ਧਰਨਾ ਲਾਉਣ ਦੇ ਜਮਹੂਰੀ ਹੱਕ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਡੀ.ਈ.ਓ. ਦੀ ਗ਼ੈਰ-ਸੰਵੇਦਨਸ਼ੀਲਤਾ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਧਰਨੇ ਦੇ ਅੰਤ ਤੱਕ ਕੋਈ ਵੀ ਅਧਿਕਾਰੀ ਅਧਿਆਪਕਾਂ ਨਾਲ ਗੱਲ ਕਰਨ ਨਹੀਂ ਆਇਆ। ਧਰਨੇ ਦੇ ਅੰਤ ’ਤੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨੇ ਕਿਹਾ ਕਿ 5 ਜੁਲਾਈ ਨੂੰ ਜਥੇਬੰਦੀ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਰ ਕੇ ਇਸ ਸਬੰਧੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਸ ਮੌਕੇ ਗੁਰਪ੍ਰੀਤ ਧੂਰੀ, ਨਾਇਬ ਸਿੰਘ, ਰਣਬੀਰ ਜਖੇਪਲ ਅਤੇ ਘਰਿੰਦਰ ਸਿੰਘ ਨੇ ਇਨਕਲਾਬੀ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਬਾਖੂਬੀ ਨਿਭਾਈ।