ਨਿਜੀ ਪੱਤਰ ਪ੍ਰੇਰਕ
ਸੰਗਰੂਰ, 19 ਸਤੰਬਰ
ਭਾਵੇਂ ਸੱਤਾਧਾਰੀ ਸਰਕਾਰ ਹਿੱਲ ਗਈ ਹੈ ਪਰੰਤੂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੱਕੇ ਮੋਰਚਿਆਂ ’ਤੇ ਡਟੇ ਅਤੇ ਟੈਂਕੀਆਂ ’ਤੇ ਚੜ੍ਹੇ ਬੇਰੁਜ਼ਗਾਰ ਆਪੋ ਆਪਣੇ ਸੰਘਰਸ਼ੀ ਮੋਰਚਿਆਂ ’ਤੇ ਡਟੇ ਹੋਏ ਹਨ। ਬੇਰੁਜ਼ਗਾਰਾਂ ਨੂੰ ਹੁਣ ਨਵੇਂ ਬਣਨ ਵਾਲੇ ਮੁੱਖ ਮੰਤਰੀ ਅਤੇ ਨਵੀਂ ਕੈਬਨਿਟ ਤੋਂ ਉਮੀਦਾਂ ਹਨ। ਬੇਰੁਜ਼ਗਾਰਾਂ ਦਾ ਮੰਨਣਾ ਹੈ ਕਿ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਖਮਿਆਜ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਕੁਰਸੀ ਗੁਆ ਕੇ ਭੁਗਤਣਾ ਪਿਆ ਹੈ। ਬੇਰੁਜ਼ਗਾਰਾਂ ਨੇ ਐਲਾਨ ਕੀਤਾ ਕਿ ਮੰਗਾਂ ਦੀ ਪ੍ਰਾਪਤੀ ਲਈ ਉਹ ਆਪਣੇ ਮੋਰਚਿਆਂ ’ਤੇ ਡਟੇ ਰਹਿਣਗੇ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਸੰਗਰੂਰ ਸ਼ਹਿਰ ਪਿਛਲੇ ਲੰਮੇ ਸਮੇਂ ਤੋਂ ਪੱਕੇ ਮੋਰਚਿਆਂ ਦਾ ਗੜ੍ਹ ਬਣਿਆ ਹੋਇਆ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਪੰਜ ਵੱਖ-ਵੱਖ ਬੇਰੁਜ਼ਗਾਰ ਜਥੇਬੰਦੀਆਂ ਦੇ ਵਰਕਰਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ 31 ਦਸੰਬਰ 2020 ਤੋਂ ਇਥੇ ਕਾਂਗਰਸੀ ਵਿਧਾਇਕ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਰੋਸ ਧਰਨਾ ਸ਼ੁਰੂ ਕੀਤਾ ਸੀ ਕਿਉਂਕਿ ਉਹ ਸਿੱਖਿਆ ਮੰਤਰੀ ਸਨ। ਉਦੋਂ ਤੋਂ ਹੀ ਬੇਰੁਜ਼ਗਾਰ ਪੱਕੇ ਮੋਰਚੇ ’ਤੇ ਡਟੇ ਹੋਏ ਹਨ। ਹੁਣ ਸੱਤਾਧਾਰੀ ਪਾਰਟੀ ’ਚ ਵਾਪਰੇ ਸਿਆਸੀ ਘਟਨਾਕ੍ਰਮ ਮਗਰੋਂ ਮੁੱਖ ਮੰਤਰੀ ਅਤੇ ਸਮੁੱਚੇ ਮੰਤਰੀ ਮੰਡਲ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਹੈ। ਇਹ ਪਹਿਲਾ ਪੱਕਾ ਮੋਰਚਾ ਕਰੀਬ 9 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ।
ਦੋ ਪੱਕੇ ਮੋਰਚੇ ਬੀਤੀ 21 ਅਗਸਤ ਤੋਂ ਇਥੇ ਸਿਵਲ ਹਸਪਤਾਲ ਨੇੜੇ ਚੱਲ ਰਹੇ ਹਨ। 21 ਅਗਸਤ ਤੋਂ ਇੱਕ ਟੈਟ ਪਾਸ ਬੇਰੁਜ਼ਗਾਰ ਬੀ.ਐਡ.ਅਧਿਆਪਕ ਮੁਨੀਸ਼ (ਫਾਜ਼ਿਲਕਾ) ਇਥੇ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਹੋਇਆ ਹੈ। ਜਦੋਂ ਕਿ ਦੂਜੇ ਮੋਰਚੇ ’ਤੇ ਟੈਂਂਕੀ ਹੇਠਾਂ ਟੈਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਡਟੇ ਹੋਏ ਹਨ ਜੋ ਕਿ ਮਾਸਟਰ ਕੇਡਰ ਵਿਚ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਆਦਿ ਵਿਸ਼ਿਆਂ ਦੀਆਂ ਅਸਾਮੀਆਂ ਕੱਢਣ ਦੀ ਮੰਗ ਕਰ ਰਹੇ ਹਨ।
ਚੌਥਾ ਪੱਕਾ ਮੋਰਚਾ ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਵਿਚ ਜਾਰੀ ਹੈ ਜਿਥੇ ਬੀਤੀ 22 ਅਗਸਤ ਤੋਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਮੋਰਚੇ ’ਤੇ ਡਟੇ ਹੋਏ ਹਨ। ਉਹ ਸਿੱਖਿਆ ਵਿਭਾਗ ਵਿਚ ਪੀਟੀਆਈ ਅਧਿਆਪਕਾਂ ਦੀਆਂ ਅਸਾਮੀਆਂ ਕੱਢਣ ਦੀ ਮੰਗ ਕਰ ਰਹੇ ਹਨ। ਪੰਜਵਾਂ ਪੱਕਾ ਮੋਰਚਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਰਹੇ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ 17 ਮਾਰਚ ਤੋਂ ਜਾਰੀ ਹੈ। ਇਥੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਿਨ ਰਾਤ ਦੇ ਮੋਰਚੇ ’ਤੇ ਡਟੀਆਂ ਹੋਈਆਂ ਹਨ। ਉਹ ਆਂਗਣਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਦਾ ਦਾਖਲਾ ਯਕੀਨੀ ਬਣਾਉਣ ਸਮੇਤ ਅਨੇਕਾਂ ਮੰਗਾਂ ਦੇ ਹੱਲ ਲਈ ਸੰਘਰਸ਼ ਦੇ ਰਾਹ ’ਤੇ ਹਨ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਦਾ ਕਹਿਣਾ ਹੈ ਕਿ ਉਂਝ ਸਾਰੀਆਂ ਹੀ ਪਾਰਟੀਆਂ ਅਤੇ ਕਾਂਗਰਸ ਦੀ ਭਰੋਸੇਯੋਗਤਾ ਖਤਮ ਹੋ ਚੁੱਕੀ ਹੈ। ਉਨ੍ਹਾਂ ਉਮੀਦ ਜਤਾਈ ਕਿ ਜੇ ਕਾਂਗਰਸ ਦੀ ਕੇਂਦਰੀ ਕਮੇਟੀ ਪੰਜਾਬ ਅੰਦਰ ਕੀਤੇ ਵਾਅਦੇ ਪੂਰੇ ਕਰਦੀ ਹੈ ਤਾਂ ਲੋਕਾਂ ਵਿੱਚ ਪਾਰਟੀ ਪ੍ਰਤੀ ਭਰੋਸਾਪਰਤ ਸਕਦਾ ਹੈ।