ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਅਗਸਤ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿੰਡ ਘਰਾਚੋਂ ਵਿੱਚ ਚੱਲ ਰਹੇ ਮੋਰਚੇ ਦੌਰਾਨ ਦਲਿਤ ਔਰਤ ਅੰਗਰੇਜ਼ ਕੌਰ (55) ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਘਰਾਚੋਂ ਇਕਾਈ ਦੇ ਪ੍ਰਧਾਨ ਗੁਰਚਰਨ ਸਿੰਘ, ਮਿੱਠੂ ਸਿੰਘ ਅਤੇ ਪਰਮਜੀਤ ਕੌਰ ਨੇ ਦੱਸਿਆ ਕਿ ਲਗਪਗ ਤਿੰਨ ਮਹੀਨੇ ਤੋਂ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚ ਸਾਂਝੀ ਖੇਤੀ ਕਰਨ ਲਈ ਮੋਰਚਾ ਚੱਲ ਰਿਹਾ ਹੈ,ਪਰ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਸ ਉਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਦਲਿਤ ਲੋਕ ਮੀਂਹ, ਹਨੇਰੀ ਅਤੇ ਅਤਿ ਦੀ ਗਰਮੀ ਦੇ ਬਾਵਜੂਦ ਮੋਰਚੇ ਵਿੱਚ ਡਟੇ ਹੋਏ ਹਨ, ਜਦੋਂ ਕਿ ਪ੍ਰਸ਼ਾਸਨ ਵੱਲੋਂ ਡੰਮੀ ਬੋਲੀ ਕਾਰਾਂ ਨੂੰ ਦੋ ਵਾਰ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਅੱਜ ਦਲਿਤ ਔਰਤ ਅੰਗਰੇਜ਼ ਕੌਰ ਨੂੰ ਸੱਪ ਨੇ ਡੰਗ ਲਿਆ, ਉਸ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਸੰਗਰੂਰ ਹਸਪਤਾਲ ਲਿਜਾਇਆ ਗਿਆ ਹੈ, ਜਿਥੇ ਉਹ ਜ਼ੇਰੇ ਇਲਾਜ ਹੈ।