ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਅਗਸਤ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਪੰਜਾਬ-ਹਰਿਆਣਾ ਦੇ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ਦੀ ਹਮਾਇਤ ਅਤੇ ਭਾਰਤ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਫੌਜਦਾਰੀ ਕਾਨੂੰਨਾਂ ਦੇ ਵਿਰੋਧ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ। ਪਿੰਡ ਉਭਾਵਾਲ ਦੀ ਅਨਾਜ ਮੰਡੀ ਵਿੱਚ ਇਕੱਠੇ ਹੋਣ ਤੋਂ ਬਾਅਦ ਸੈਂਕੜੇ ਟਰੈਕਟਰਾਂ ਦਾ ਵੱਡਾ ਕਾਫ਼ਲਾ ਕੇਂਦਰ ਸਰਕਾਰ ਖਿਲਾਫ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਾ ਹੋਇਆ ਡੀਸੀ ਦਫ਼ਤਰ ਅੱਗੇ ਪੁੱਜਆ, ਜਿੱਥੇ ਕਿਸਾਨਾਂ ਵੱਲੋਂ ਉਕਤ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾਈ ਆਗੂਆਂ ਜਸਵਿੰਦਰ ਲੌਗੋਵਾਲ ਤੇ ਜ਼ਿਲ੍ਹਾ ਆਗੂ ਹੈਪੀ ਨਮੋਲ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ 31 ਅਗਸਤ ਨੂੰ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ’ਤੇ ਵੱਡੇ ਇਕੱਠ ਕੀਤੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ (ਗੈਰ ਰਾਜਨੀਤਕ) ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਲੋਂ ਆਜ਼ਾਦੀ ਦਿਵਸ ਮੌਕੇ ਬਲਾਕ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਣ ਉਪਰੰਤ ਐੱਸਡੀਐੱਮ ਭਵਾਨੀਗੜ੍ਹ ਦੇ ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਧਰਨੇ ਨੂੰ ਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ, ਬਲਾਕ ਪ੍ਰਧਾਨ ਕਰਨੈਲ ਸਿੰਘ ਕਾਕੜਾ ਆਦਿ ਨੇ ਸੰਬੋਧਨ ਕੀਤਾ।
ਪਾਤੜਾਂ (ਪੱਤਰ ਪ੍ਰੇਰਕ): ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਤੇ ਬਿਜਲੀ ਕਾਮਿਆਂ ਤੇ ਠੇਕਾ ਕਾਮਿਆਂ ਆਦਿ ਜਥੇਬੰਦੀਆਂ ਨੇ ਨਵੇਂ ਫ਼ੌਜਦਾਰੀ ਅਤੇ ਕਾਲੇ ਕਾਨੂੰਨਾਂ ਸਣੇ ਹੋਰ ਮਾੜੀਆਂ ਨੀਤੀਆਂ ਖ਼ਿਲਾਫ਼ ਇੱਥੇ ਆਜ਼ਾਦੀ ਦਿਵਸ ਮੌਕੇ ਸ਼ਹਿਰ ਦੀ ਅਨਾਜ ਮੰਡੀ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀਆਂ ਦੇ ਵਰਕਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ।
ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ‘ਕਾਲਾ ਦਿਵਸ’ ਮਨਾਇਆ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੀਆਂ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਜਨਤਕ ਜਥੇਬੰਦੀਆਂ ਵਲੋਂ ਆਜ਼ਾਦੀ ਦਿਹਾੜਾ ਕਾਲੇ ਦਿਵਸ ਵਜੋਂ ਮਨਾਇਆ ਗਿਆ। ਇਸ ਦੌਰਾਨ ਸਥਾਨਕ ਅਨਾਜ ਮੰਡੀ ਵਿੱਚ ਰੋਸ ਰੈਲੀ ਕੀਤੀ ਗਈ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਅਤੇ ਜਮਹੂਰੀ ਕਾਰਕੁਨ ਸਥਾਨਕ ਇਕੱਠੇ ਹੋਏ ਅਤੇ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਨੂੰ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਵੱਲੋਂ ਪਿਛਲੇ ਦਿਨੀ ਲੋਕਾਂ ’ਤੇ ਮੜੇ ਗਏ ਕਾਲੇ ਕਾਨੂੰਨ ਖਤਮ ਕੀਤੇ ਜਾਣ, ਦੇਸ਼ ਦੇ ਸਰਕਾਰੀ ਅਦਾਰੇ ਵੇਚਣੇ ਬੰਦ ਕੀਤੇ ਜਾਣ।