ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਜਨਵਰੀ
ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਲਗਾਏ ਦਿਨ-ਰਾਤ ਦੇ ਪੱਕੇ ਮੋਰਚੇ ਦੇ ਅੱਜ ਚੌਥੇ ਦਿਨ ਬੇਰੁਜ਼ਗਾਰਾਂ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਭੁੱਖ ਹੜਤਾਲ ਸ਼ੁਰੂ ਕਰਦਿਆਂ ਬੇਰੁਜ਼ਗਾਰਾਂ ਵਲੋਂ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅੱਜ ਭਰਾਤਰੀ ਜਥੇਬੰਦੀਆਂ ਵਲੋਂ ਧਰਨੇ ’ਚ ਪੁੱਜ ਕੇ ਬੇਰੁਜ਼ਗਾਰਾਂ ਦੇ ਸੰਘਰਸ਼ ਦੀ ਹਮਾਇਤ ਕੀਤੀ।
ਅੱਜ ਪੱਕੇ ਮੋਰਚੇ ਦੇ ਚੌਥੇ ਦਿਨ ਰਾਜਿੰਦਰ ਸਿੰਘ ਮਘਾਣੀਆਂ ਜ਼ਿਲ੍ਹਾ ਮਾਨਸਾ ਅਤੇ ਅਸੋਕ ਕੁਮਾਰ ਲਾਧੋਕੀ ਜ਼ਿਲ੍ਹਾ ਫਾਜ਼ਿਲਕਾ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਅਤੇ ਬੇਰੁਜ਼ਗਾਰਾਂ ਵਲੋਂ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਕ੍ਰਿਸ਼ਨ ਸਿੰਘ ਨਾਭਾ, ਜਗਸੀਰ ਸਿੰਘ ਘੁਮਾਣ, ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਅੱਜ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਦੋ ਸਾਥੀ ਭੁੱਖ ਹੜਤਾਲ ਤੇ ਬੈਠੇ ਹਨ ਅਤੇ ਅੱਗੇ ਵੀ ਲੜੀਵਾਰ ਭੁੱਖ ਹੜਤਾਲ ਜਾਰੀ ਰਹੇਗੀ। ਰੋਸ ਧਰਨੇ ਨੂੰ ਡੈਮੋਕਰੇਟਿਕ ਟੀਚਰਜ ਫਰੰਟ ਵਲੋਂ ਰਘਵੀਰ ਸਿੰਘ ਭਵਾਨੀਗੜ੍ਹ, ਡੀਟੀਐਫ਼ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਵਲੋਂ ਸੁਰਜੀਤ ਭੱਠਲ, ਇਨਕਲਾਬੀ ਲੋਕ ਮੋਰਚਾ ਦੇ ਸਵਰਨਜੀਤ ਸਿੰਘ, ਸੁਖਪਾਲ ਸਿੰਘ ਸਫੀਪੁਰ, ਕਮਲ ਘੋੜੇਨਬ, ਜੁਝਾਰ ਸਿੰਘ ਲੌਂਗੋਵਾਲ ਆਦਿ ਨੇ ਸੰਬੋਧਨ ਕੀਤਾ।