ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਅਗਸਤ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਵਲੋਂ ਅੱਜ ਮੰਗਾਂ ਸਬੰਧੀ ਆਪਣੇ ਖੂਨ ਨਾਲ ਪੱਤਰ ਲਿਖ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਭੇਜੇ ਗਏ ਹਨ। ਖ਼ੂਨ ਨਾਲ ਲਿਖੇ ਪੱਤਰ ਸਿੱਖਿਆ ਮੰਤਰੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਕੋਠੀ ਵਿਚ ਸੁੱਟੇ ਗਏ। ਬੇਰੁਜ਼ਗਾਰ ਅਧਿਆਪਕਾਂ ਨੇ ਇਹ ਪੱਤਰ ਹੱਥਾਂ ਵਿਚ ਚੁੱਕ ਕੇ ਮਗਰੋਂ ਸਿੱਖਿਆ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਵੀ ਕੀਤਾ।
ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਇੱਕ ਬੇਰੁਜ਼ਗਾਰ ਅਧਿਆਪਕ ਮੁਨੀਸ਼ ਫਾਜ਼ਿਲਕਾ ਪਿਛਲੇ ਦਸ ਦਿਨਾਂ ਤੋਂ ਸਿਵਲ ਹਸਪਤਾਲ ਵਿਚਲੀ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਹੋਇਆ ਹੈ ਜਦੋਂ ਕਿ ਬੇਰੁਜ਼ਗਾਰ ਅਧਿਆਪਕ ਟੈਂਕੀ ਦੇ ਹੇਠਾਂ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਇਸ ਤੋਂ ਇਲਾਵਾ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ 31 ਦਸੰਬਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਵੀ ਜਾਰੀ ਹੈ। ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਤੋਂ ਖਫ਼ਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਅੱਜ ਆਪਣੀਆਂ ਰਗਾਂ ’ਚੋਂ ਖੂਨ ਕੱਢ ਕੇ ਮੰਗਾਂ ਸਬੰਧੀ ਪੋਸਟਰ ਰੂਪੀ ਪੱਤਰ ਲਿਖੇ ਗਏ ਅਤੇ ਨਾਅਰੇਬਾਜ਼ੀ ਕਰਦੇ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ’ਤੇ ਪੁੱਜੇ। ਇਸ ਮੌਕੇ ਯੂਨੀਅਨ ਆਗੂ ਅਮਨ ਸੇਖਾ, ਸੰਦੀਪ ਗਿੱਲ ਅਤੇ ਗਗਨਦੀਪ ਕੌਰ ਨੇ ਦੱਸਿਆ ਕਿ ਅੱਜ 15 ਬੇਰੁਜ਼ਗਾਰ ਅਧਿਆਪਕਾਂ ਨੇ ਆਪਣਾ ਖੂਨ ਕਢਵਾਇਆ ਜਿਨ੍ਹਾਂ ’ਚ 8 ਲੜਕੀਆਂ ਅਤੇ 7 ਲੜਕੇ ਸ਼ਾਮਲ ਸਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਦਾ ਖੂਨ ਚੂਸ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ’ਤੇ ਭਰਤੀ ਸਮੇਤ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।