ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਜੁਲਾਈ
ਕਰੋਨਾ ਸੰਕਟ ਦੇ ਚਲਦਿਆਂ ਸਰਕਾਰ ਵੱਲੋਂ ਜਨਤਕ ਮੁਜ਼ਾਹਰੇ ਕਰਨ ’ਤੇ ਲਾਈ ਪਾਬੰਦੀ ਉਪਰੰਤ ਬੇਰੁਜ਼ਗਾਰ ਨੌਜਵਾਨਾਂ ਨੇ ਸੰਘਰਸ਼ ਲਈ ਨਵਾਂ ਰਾਹ ਲੱਭਿਆ ਹੈ। ਬੇਰੁਜ਼ਗਾਰ ਅਧਿਆਪਕਾਂ ਅਤੇ ਬੇਰੁਜ਼ਗਾਰ ਮਲਟੀਪਰਪਜ਼ ਵਰਕਰਾਂ ਵਲੋਂ ਪਿੰਡਾਂ ਵਿਚ ਨਾਅਰੇ ਲਿਖਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਨਾਅਰਿਆਂ ਰਾਹੀਂ ਜਿੱਥੇ ਆਪਣੀਆਂ ਮੰਗਾਂ ਨੂੰ ਉਭਾਰਿਆ ਜਾ ਰਿਹਾ ਹੈ, ਉੱਥੇ ਸਰਕਾਰ ਨੂੰ ਵੀ ਘਰ-ਘਰ ਨੌਕਰੀ ਦੇਣ ਦਾ ਵਾਅਦਾ ਚੇਤੇ ਕਰਵਾਇਆ ਜਾ ਰਿਹਾ ਹੈ। ਨਾਅਰੇ ਲਿਖਣ ਦੀ ਮੁਹਿੰਮ ਸ਼ੁਰੂ ਕਰਦਿਆਂ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਆਪਣੇ ਵਰਕਰਾਂ ਨੂੰ ਇਸ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ ਹੈ।
ਇਸ ਸਬੰਧੀ ਜਥੇਬੰਦੀਆਂ ਦੇ ਪ੍ਰਧਾਨ ਵਜੋਂ ਕੰਮ ਕਰ ਰਹੇ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਲੌਂਗੋਵਾਲ ਨੇ ਕਿਹਾ ਕਿ ਬੀਤੀ 13 ਜੁਲਾਈ ਨੂੰ ਪਟਿਆਲਾ ਵਿਖੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ-ਮਹਿਲ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪਟਿਆਲਾ ਵਿਖੇ ਇਕੱਠੇ ਹੋਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੇ ਸੰਘਰਸ਼ ਅਸਫ਼ਲ ਕਰ ਦਿੱਤਾ ਸੀ। ਇਸੇ ਤਰ੍ਹਾਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ ਪ੍ਰਸ਼ਾਸਨ ਦੀਆਂ ਬੇਨਤੀਆਂ ’ਤੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਫ਼ੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਬੇਰੁਜ਼ਗਾਰਾਂ ਨੂੰ ਆਪਣੀਆਂ ਮੰਗਾਂ ਉਭਾਰਨ, ਮੰਗਾਂ ਮੰਨਵਾਉਣ ਅਤੇ ਸਰਕਾਰ ਨੂੰ ਵਾਅਦੇ ਯਾਦ ਕਰਾਉਣ ਲਈ ਬਦਲਵੇਂ ਤਰੀਕੇ ਲੱਭਣੇ ਪੈਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਨਤਕ ਥਾਵਾਂ ’ਤੇ ਨਾਅਰੇ ਲਿਖਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।