ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਜਨਵਰੀ
ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕੇ ਮੋਰਚੇ ਦੇ ਪੰਜਵੇਂ ਦਿਨ ਰੋਸ ਧਰਨਾ ਅਤੇ ਦੂਜੇ ਦਿਨ ਲੜੀਵਾਰ ਭੁੱਖ ਹੜਤਾਲ ਜਾਰੀ ਰਹੀ। ਅੱਜ ਦੂਜੇ ਦਿਨ ਆਰਟ ਤੇ ਕਰਾਫ਼ਟ ਯੂਨੀਅਨ ਵੱਲੋਂ ਦੋ ਸਾਥੀ ਸਸ਼ਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲਿਆਂਵਾਲੀ ਦੂਜੇ ਦਿਨ ਦੀ ਭੁੱਖ ਹੜਤਾਲ ’ਤੇ ਬੈਠੇ। ਬੇਰੁਜ਼ਗਾਰਾਂ ਦੇ ਸੰਘਰਸ਼ ਦੀ ਹਮਾਇਤ ਵਿਚ ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰੰਟ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਨੇ ਰੋਸ ਧਰਨੇ ਵਿਚ ਸ਼ਮੂਲੀਅਤ ਕੀਤੀ। ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਡੀਪੀਈ ਅਧਿਆਪਕ ਯੂਨੀਅਨ, 646 ਪੀਟੀਆਈ ਅਧਿਆਪਕ ਯੂਨੀਅਨ ਪੰਜਾਬ, ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਅਤੇ ਸੁਖਵਿੰਦਰ ਸਿੰਘ ਢਿੱਲਵਾਂ, ਕ੍ਰਿਸ਼ਨ ਸਿੰਘ ਨਾਭਾ, ਜਗਸੀਰ ਸਿੰਘ, ਹਰਜਿੰਦਰ ਸਿੰਘ ਝੁਨੀਰ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੜਕਾਂ ’ਤੇ ਰੁਲ ਰਹੇ ਬੇਰੁਜ਼ਗਾਰਾਂ ਦੀ ਸਾਰ ਨਹੀਂ ਲਈ ਜਾ ਰਹੀ। ਬੇਰੁਜ਼ਗਾਰਾਂ ਨੂੰ ਰੁਜ਼ਗਾਰ ਖਾਤਰ ਠੰਢ ਦੇ ਮੌਸਮ ਵਿਚ ਵੀ ਤਿੱਖੇ ਸੰਘਰਸ਼ਾਂ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਮੌਕੇ ਕੀਤਾ ਘਰ-ਘਰ ਨੌਕਰੀ ਦਾ ਵਾਅਦਾ ਝੂਠਾ ਸਾਬਤ ਹੋ ਕੇ ਰਹਿ ਗਿਆ ਹੈ ਜਿਸ ਕਾਰਨ ਪੰਜਾਬ ਭਰ ਵਿਚ ਪੜ੍ਹੇ-ਲਿਖੇ ਬੇਰੁਜ਼ਗਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਮੌਕੇ ਡੀਟੀਐਫ਼ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਸੂਬਾ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਦੇਵੀ ਦਿਆਲ, ਬੱਗਾ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਦਰਸ਼ਨ ਸਿੰਘ ਚੀਮਾ, ਮਾਲਵਿੰਦਰ ਸਿੰਘ, ਜਗਵਿੰਦਰ, ਵਿਪਨ ਕੁਮਾਰ ਅਤੇ ਆਦਰਸ਼ ਸਕੂਲ ਕਰਮਚਾਰੀ ਯੂਨੀਅਨ ਦੇ ਆਗੂ ਮੱਖਣ ਸਿੰਘ ਬੀਰ ਕਲਾਂ ਨੇ ਸ਼ਮੂਲੀਅਤ ਕੀਤੀ ਅਤੇ ਬੇਰੁਜ਼ਗਾਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਸਰਕਾਰ ਤੋਂ ਤੁਰੰਤ ਮੰਗਾਂ ਮੰਨਣ ਦੀ ਮੰਗ ਕੀਤੀ।