ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 2 ਮਾਰਚ
ਆਦਰਸ਼ ਸਕੂਲ ਬਾਲਦ ਖੁਰਦ ਦੇ ਅਧਿਆਪਕਾਂ ਵੱਲੋਂ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਇਸ ਦੌਰਾਨ ਫ਼ੈਸਲਾ ਲਿਆ ਗਿਆ ਕਿ ਸਕੂਲ ਦੇ ਅਧਿਆਪਕ ਪਰਦੀਪ ਸਿੰਘ ਉੱਪਰ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਇਨਸਾਫ਼ ਲੈਣ ਲਈ 7 ਮਾਰਚ ਨੂੰ ਸਮਾਣਾ ਵਿੱਚ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਜ਼ਿਲ੍ਹਾ ਸਕੱਤਰ ਅਮਨ ਵਸ਼ਿਸ਼ਟ ਅਤੇ ਆਦਰਸ਼ ਸਕੂਲ ਅਧਿਆਪਕਾਂ ਦੇ ਆਗੂ ਲਵਪ੍ਰੀਤ ਸ਼ਰਮਾ ਨੇ ਦੱਸਿਆ ਕਿ ਆਦਰਸ਼ ਸਕੂਲ ਬਾਲਦ ਖੁਰਦ ਦੇ ਡੀਪੀਈ ਅਧਿਆਪਕ ਪਰਦੀਪ ਸਿੰਘ ਉੱਤੇ 10 ਫਰਵਰੀ ਨੂੰ ਕਾਤਲਾਨਾ ਹਮਲੇ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਹਸਪਤਾਲ ਵਿਚ ਜ਼ੇਰੇ ਇਲਾਜ ਅਧਿਆਪਕ ਲਈ ਬਣਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ 7 ਮਾਰਚ ਨੂੰ ਐੱਸਡੀਐੱਮ ਤੇ ਡੀਐੱਸਪੀ ਸਮਾਣਾ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਜ਼ਾਹਰੇ ਵਿੱਚ ਅਧਿਆਪਕ ਜਥੇਬੰਦੀਆਂ, ਆਦਰਸ਼ ਸਕੂਲ ਅਧਿਆਪਕ ਯੂਨੀਅਨ ਅਤੇ 873 ਤੇ 74 ਡੀਪੀਈ ਯੂਨੀਅਨ ਵੱਲੋਂ ਰੋਸ ਮੁਜ਼ਾਹਰੇ ਲਈ ਸ਼ਮੂਲੀਅਤ ਦੇ ਨਾਲ-ਨਾਲ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ।