ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਨਵੰਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਖੇੜੀ ਦੇ ਅਗਾਂਹਵਧੂ ਕਿਸਾਨ ਭਰਾਵਾਂ ਦਰਬਾਰਾ ਸਿੰਘ ਅਤੇ ਗੁਰਮੀਤ ਸਿੰਘ ਦੇ 10 ਏਕੜ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕਾਰਵਾਈ ਗਈ ਹੈ। ਇਸ ਬਾਰੇ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਦੋਵਾਂ ਭਰਾਵਾਂ ਵੱਲੋਂ ਪੀਏਯੂ ਅਤੇ ਕੇਵੀਕੇ ਦੇ ਮਾਹਿਰਾਂ ਦੀ ਪ੍ਰੇਰਣਾ ਸਦਕਾ ਪਿਛਲੇ ਚਾਰ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਇਆਂ ਹੈਪੀ ਸੀਡਰ ਅਤੇ ਰੋਟਾ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਲਗਾਤਾਰ ਮੁਹਿੰਮ ਚਲਾ ਕੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿਉਂਕਿ ਪਰਾਲੀ ਦੇ ਖੇਤ ਵਿੱਚ ਗਲਣ ਉਪਰੰਤ ਇਹ ਖਾਦ ਦਾ ਕੰਮ ਕਰਦੀ ਹੈ ਜਿਸ ਨਾਲ ਜ਼ਮੀਨ ਵਿੱਚ ਮੱਲੜ ਦੀ ਮਾਤਰਾ ਵਧਦੀ ਹੈ ਅਤੇ ਅਗਲੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਪਰਾਲੀ ਨੂੰ ਅੱਗ ਨਾ ਲਾਉਣ ਨਾਲ ਜ਼ਮੀਨ ਵਿੱਚ ਮੌਜੂਦ ਖੁਰਾਕੀ ਤੱਤ ਵੀ ਨਸ਼ਟ ਨਹੀਂ ਹੁੰਦੇ ਅਤੇ ਸੂਖਮ ਜੀਵ ਵੀ ਬਚ ਜਾਂਦੇ ਹਨ। ਕਿਸਾਨ ਦਰਬਾਰਾ ਸਿੰਘ ਅਤੇ ਗੁਰਮੀਤ ਸਿੰਘ ਦਾ ਕਹਿਣਾ ਹੈ ਕਿ ਪਰਾਲੀ ਨੂੰ ਖੇਤ ਵਿੱਚ ਸਾਂਭਣ ਨਾਲ ਵਾਤਾਵਰਨ ਵੀ ਦੂਸ਼ਿਤ ਨਹੀਂ ਹੁੰਦਾ ਅਤੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ। ਪਰਾਲੀ ਨੂੰ ਲਗਾਤਾਰ ਖੇਤ ਵਿੱਚ ਵਾਹੁਣ ਨਾਲ ਰਸਾਇਣਕ ਖਾਦਾਂ ਦੀ ਵਰਤੋਂ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਸੁਪਰ ਐੱਸਐੱਮਐੱਸ ਵਾਲੀ ਕੰਬਾਈਨ ਨਾਲ ਝੋਨੇ ਦੀ ਵਾਢੀ ਕਰਵਾਉਣ ਤੋਂ ਬਾਅਦ ਹੈਪੀ ਸੀਡਰ ਅਤੇ ਰੋਟੋ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਿੱਚ ਕੋਈ ਮੁਸ਼ਕਿਲ ਨਹੀਂ ਆਉਂਦੀ। ਦੋਵਾਂ ਦੇ ਉਤਸ਼ਾਹ ਅਤੇ ਉੱਦਮਾਂ ਨੂੰ ਦੇਖਦਿਆਂ ਪਿੰਡ ਖੇੜੀ ਦੇ ਹੋਰ ਕਿਸਾਨਾਂ ਚਮਕੌਰ ਸਿੰਘ ਅਤੇ ਮੱਲ ਸਿੰਘ ਨੇ ਵੀ ਪਰਾਲੀ ਨੂੰ ਖੇਤ ਵਿੱਚ ਰੱਖ ਕੇ ਹੀ ਆਪਣੀ ਕਣਕ ਦੀ ਬਿਜਾਈ ਕੀਤੀ ਹੈ।