ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਮਾਰਚ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ’ਚ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਵੱਡੀਆਂ ਕੁਰਬਾਨੀਆਂ ਸਦਕਾ ਅਜ਼ਾਦ ਕਰਵਾਏ ਦੇਸ਼ ਨੂੰ ਮੁੜ ਗੁਲਾਮ ਨਹੀਂ ਹੋਣ ਦਿੱਤਾ ਜਾਵੇਗਾ ਤੇ ਕੇਂਦਰ ਸਰਕਾਰ ਦੀਆਂ ਦੇਸ਼ ਨੂੰ ਗੁਲਾਮ ਬਣਾਉਣ ਦੀਆਂ ਨੀਤੀਆਂ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਖੇਡ ਕੇ ਦੇਸ਼ ਨੂੰ ਮੁੜ ਨਿੱਜੀ ਹੱਥਾਂ ’ਚ ਗੁਲਾਮ ਬਣਾਉਣਾ ਚਾਹੁੰਦੀ ਹੈ ਪਰ ਕਿਸਾਨ ਅੰਦੋਲਨ ਹਰ ਹਾਲਤ ’ਚ ਜਿੱਤ ਪ੍ਰਾਪਤ ਕਰੇਗਾ। ਕਿਸਾਨਾਂ ਨੇ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਨਾਉਣ ਦਾ ਸੱਦਾ ਦਿੱਤਾ ਹੈ।
ਸਟੇਸ਼ਨ ਨੇੜੇ ਰੋਸ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਂਵਾਲ, ਰੋਹੀ ਸਿੰਘ ਮੰਗਵਾਲ, ਡਾ. ਹਰਪ੍ਰੀਤ ਕੌਰ ਖਾਲਸਾ, ਰਾਮ ਸਿੰਘ ਸੋਹੀਆਂ ਆਦਿ ਨੇ ਸੰਬੋਧਨ ਕੀਤਾ ਜਦੋਂਕਿ ਭਾਕਿਯੂ ਏਕਤਾ ਉਗਰਾਹਾਂ ਦੇ ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਲਾਭ ਸਿੰਘ ਖੁਰਾਣਾ, ਸਰੂਪ ਚੰਦ ਕਿਲਾਭਰੀਆਂ, ਹਰਦੇਵ ਸਿੰਘ ਕੁਲਾਰਾਂ, ਜਸਵਿੰਦਰ ਕੌਰ ਬਾਲੀਆਂ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ ਲਈ ਦੇਸ਼ ਦੇ ਮਹਾਨ ਸ਼ਹੀਦਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ ਤੇ ਅੰਗਰੇਜ਼ਾਂ ਦੀ ਗੁਲਾਮੀ ਨੂੰ ਗਲੋਂ ਲਾਹ ਕੇ ਅਜ਼ਾਦੀ ਪ੍ਰਾਪਤ ਕੀਤੀ ਸੀ ਪਰ ਹੁਣ ਕੇਂਦਰ ਦੀ ਸੱਤਾ ਤੇ ਕਾਬਜ਼ ਭਾਜਪਾ ਸਰਕਾਰ ਦੇਸ਼ ਨੂੰ ਮੁੜ ਗੁਲਾਮ ਬਣਾਉਣ ਲਈ ਕਾਲੇ ਕਾਨੂੰਨ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪਹਿਰੇਦਾਰ ਬਣੀ ਕੇਂਦਰ ਸਰਕਾਰ ਨੂੰ ਲੋਕ ਵਿਰੋਧੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।