ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 5 ਦਸੰਬਰ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰ ਵਰਗ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਹੱਲ ਕਰਾਉਣ ਲਈ ਪੰਜਾਬ ਸਰਕਾਰ ’ਤੇ ਦਬਾਅ ਪਾਉਣ ਵਾਸਤੇ 7 ਤੋਂ 9 ਦਸੰਬਰ ਤੱਕ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਅਤੇ 12 ਦਸੰਬਰ ਨੂੰ ਬਾਅਦ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਉਲੀਕੇ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਯੂਨੀਅਨ ਵੱਲੋਂ ਪਿੰਡ ਲੱਡੀ, ਘਾਬਦਾਂ, ਈਲਵਾਲ ਅਤੇ ਖੇੜੀ ਸਮੇਤ ਅੱਧੀ ਦਰਜਨ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਗਿਆ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਜ਼ਦੂਰਾਂ ਦੀਆਂ ਸੱਤ ਜਥੇਬੰਦੀਆਂ ਦੇ ਬਣੇ ਸਾਂਝੇ ਮੋਰਚੇ ਨਾਲ ਬੀਤੀ 23 ਨਵੰਬਰ ਨੂੰ ਮੀਟਿੰਗ ਕਰ ਕੇ ਬੇਘਰਿਆਂ ਨੂੰ ਪੰਜ-ਪੰਜ ਮਰਲੇ ਦਾ ਪਲਾਟ ਦੇਣ, ਪੁੱਟੇ ਬਿਜਲੀ ਮੀਟਰ ਤੁਰੰਤ ਜੋੜਨ ਤੇ ਸਹਿਕਾਰੀ ਸੁਸਾਇਟੀਆਂ ਵਿੱਚ ਚੌਥਾ ਹਿੱਸਾ ਮਜ਼ਦੂਰਾਂ ਨੂੰ ਮੈਂਬਰ ਬਣਾ ਕੇ ਪੰਜਾਹ ਹਜ਼ਾਰ ਰੁਪਏ ਕਰਜ਼ਾ ਦੇਣ ਅਤੇ ਹੋਰ ਕਈ ਅਹਿਮ ਮੰਗਾਂ ਪ੍ਰਵਾਨ ਕੀਤੀਆਂ ਸਨ, ਪਰ ਅੱਜ ਤੱਕ ਮੰਨੀਆਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ 7, 8 ਅਤੇ 9 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜ ਭਰ ਵਿੱਚ ਪੁਤਲੇ ਫੂਕੇ ਜਾਣਗੇ ਅਤੇ 12 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਜ਼ਿਲ੍ਹੇ ਵਿੱਚ ਸੁਨਾਮ ਰੇਲਵੇ ਸਟੇਸ਼ਨ ’ਤੇ ਤਿੰਨ ਘੰਟੇ ਧਰਨਾ ਦੇ ਕੇ ਰੇਲਾਂ ਰੋਕੀਆਂ ਜਾਣਗੀਆਂ। ਮੀਟਿੰਗਾਂ ਦੌਰਾਨ ਮਜ਼ਦੂਰ ਵਰਗ ਨੂੰ ਸ਼ਮੂਲੀਅਤ ਦਾ ਸੱਦਾ ਦਿੱਤਾ।