ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਫਰਵਰੀ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਮਜ਼ਦੂਰਾਂ ਨੇ ਇੱਥੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਮਜ਼ਦੂਰ ਲਲਕਾਰ ਰੈਲੀ ਕੀਤੀ। ਔਰਤ ਕਰਜ਼ਾ ਮੁਕਤੀ ਸਮੇਤ ਮਜ਼ਦੂਰ ਵਰਗ ਦੀਆਂ ਹੋਰ ਮੰਗਾਂ ਨੂੰ ਲੈ ਕੇ ਮਜ਼ਦੂਰ ਇੱਥੇ ਕੈਬਨਿਟ ਮੰਤਰੀ ਦੀ ਕੋਠੀ ਅੱਗੇ 24 ਜਨਵਰੀ ਤੋਂ ਪੱਕੇ ਮੋਰਚੇ ’ਤੇ ਡਟੇ ਹੋਏ ਸਨ ਅਤੇ ਅੱਜ 17ਵੇਂ ਦਿਨ ਲਲਕਾਰ ਰੈਲੀ ਕਰਕੇ ਮੋਰਚੇ ਦੀ ਸਮਾਪਤੀ ਕੀਤੀ ਗਈ। ਜਥੇਬੰਦੀ ਵੱਲੋਂ 12 ਫਰਵਰੀ ਨੂੰ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ 21 ਫਰਵਰੀ ਨੂੰ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰਨ ਦਾ ਫ਼ੈਸਲਾ ਲਿਆ ਗਿਆ।
ਰੈਲੀ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਮੀਤ ਪ੍ਰਧਾਨ ਗੋਬਿੰਦਰ ਸਿੰਘ ਛਾਜਲੀ, ਸੂਬਾ ਆਗੂ ਮੱਖਣ ਸਿੰਘ ਰਾਮਗੜ੍ਹ, ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ, ਸੀਪੀਆਈ ਐੱਮਐੱਲ ਲਬਿਰੇਸ਼ਨ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਬਜਟ ਵਿੱਚ ਮਗਨਰੇਗਾ ਸਕੀਮ ਤਹਿਤ ਬਜਟ ਨਾ ਰੱਖਣ ਤੋਂ ਸਪੱਸ਼ਟ ਹੈ ਕਿ ਮੋਦੀ ਸਰਕਾਰ ਪੇਂਡੂ ਮਜ਼ਦੂਰਾਂ ਤੋਂ ਮਗਨਰੇਗਾ ਦਾ ਰੁਜ਼ਗਾਰ ਖੋਹਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗਰੀਬ ਮਜ਼ਦੂਰ ਔਰਤਾਂ ਨੂੰ ਨਿੱਜੀ ਫਾਇਨਾਂਸ ਕੰਪਨੀਆਂ ਦੇ ਜਾਲ ’ਚੋਂ ਕੱਢਿਆ ਜਾਵੇ, ਕਰਜ਼ਾ ਮੁਕਤ ਕੀਤਾ ਜਾਵੇ, ਪਾਵਰਕੌਮ ਵਲੋਂ ਗਰੀਬ ਪਰਿਵਾਰਾਂ ਨੂੰ ਭੇਜੇ ਵੱਡੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣ, ਬਿਜਲੀ ਦੇ ਕੱਟੇ ਕੁਨੈਕਸ਼ਨ ਮੁੜ ਚਾਲੂ ਕੀਤੇ ਜਾਣ ਅਤੇ ਬੇਜ਼ਮੀਨੇ ਦਲਿਤਾਂ ਤੇ ਗਰੀਬ ਲੋਕਾਂ ਨੂੰ ਪਲਾਟ ਦਿੱਤੇ ਜਾਣ। ਇਸ ਮੌਕੇ ਸ਼ਿੰਗਾਰਾ ਸਿੰਘ ਚੁਹਾਣਕੇ, ਰਾਣੀ ਕੌਰ ਕੁੱਬੇ, ਨਿੱਕਾ ਸਿੰਘ ਬਹਾਦਰਪੁਰ, ਬਿੱਟੂ ਖੋਖਰ, ਜੁਗਰਾਜ ਸਿੰਘ ਤਾਜੋਕੇ, ਘੁਮੰਡ ਸਿੰਘ ਖਾਲਸਾ ਵੀ ਸ਼ਾਮਲ ਸਨ।