ਮੇਜਰ ਸਿੰਘ ਮੱਟਰਾਂ
ਭਵਾਨੀਗੜ, 1 ਜੁਲਾਈ
ਪੈਪਸੀਕੋ ਇੰਡੀਆ ਹੋਲਡਿੰਗਜ਼ ਵਰਕਰਜ਼ ਯੂਨੀਅਨ ਏਟਕ ਦੀ ਜਨਰਲ ਬਾਡੀ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਭੜ੍ਹੋ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਚੰਨੋ ਵਿੱਚ ਹੋਈ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਅਤੇ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਭੜ੍ਹੋ ਨੇ ਸੰਬੋਧਨ ਕਰਦਿਆਂ ਕਿਹਾ ਕਿ ਫਰਵਰੀ ਮਹੀਨੇ ਵਿੱਚ ਯੂਨੀਅਨ ਨੇ ਪੈਪਸੀਕੋ ਦੀ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤਾ ਸੀ, ਪਰ ਮੈਨੇਜਮੈਂਟ ਯੂਨੀਅਨ ਦੇ ਮੰਗ ਪੱਤਰ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ। ਦੋਵੇਂ ਆਗੂਆਂ ਨੇ ਕਿਹਾ ਕਿ ਜੇਕਰ ਇੰਨਾ ਕੰਮ ਕਰਨ ਦੇ ਬਾਵਜੂਦ ਮੈਨੇਜਮੈਂਟ ਵਰਕਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਵਿਚਾਰਦੀ ਤਾਂ ਯੂਨੀਅਨ ਤਿੱਖਾ ਸੰਘਰਸ਼ ਕਰੇਗੀ ਜਿਸ ਦੀ ਜ਼ਿੰਮੇਵਾਰੀ ਮੈਨੇਜਮੈਂਟ ਦੀ ਹੋਵੇਗੀ। ਮੀਟਿੰਗ ਵਿੱਚ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਕੀਤਾ ਗਿਆ ਅਤੇ ਬੁੱਧੀਜੀਵੀ ਤੀਸਤਾ ਸੀਤਲਵਾੜ ਦੀ ਗਿਰਫ਼ਤਾਰੀ ਦੀ ਨਿਖੇਧੀ ਕੀਤੀ ਗਈ। ਵਰਕਰਾਂ ਨੇ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਗੁਰਜੀਤ ਸਿੰਘ, ਸਹਾਇਕ ਸਕੱਤਰ ਰਾਣਾ ਸਿੰਘ ਨੇ ਵੀ ਸੰਬੋਧਨ ਕੀਤਾ।